ਲਾਲੜੂ, 28 ਮਈ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਦੇ ਖੇਤਰ ਅਧੀਨ ਆਉਂਦੇ ਪਿੰਡਾਂ ਅਤੇ ਵਾਰਡਾਂ ਦੀ ਇਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਕੀਤੀ ਗਈ | ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨ ਦੀ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਦੌਰਾਨ ਵਿਧਾਇਕ ਰੰਧਾਵਾ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਸਮਰਪਿਤ ਵਰਕਰ ਹਨ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਲਗਾਤਾਰ ਜੁੜੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਮਜ਼ਬੂਤ ਸੰਗਠਨ ਹੀ ਪਾਰਟੀ ਦੀ ਤਾਕਤ ਨੂੰ ਹੋਰ ਵਧਾਉਂਦਾ ਹੈ, ਇਸ ਲਈ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹਰ ਵਰਕਰ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਆਉਣ ਵਾਲੇ ਸਮੇਂ ਵਿਚ ਪਿੰਡਾਂ ਅਤੇ ਵਾਰਡ ਪੱਧਰ 'ਤੇ ਹੋਰ ਮਜ਼ਬੂਤੀ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਸੰਬੰਧੀ ਵੀ ਚਰਚਾ ਕੀਤੀ ਗਈ | ਉਕਤ ਮੀਟਿੰਗ ਦੌਰਾਨ ਵਰਕਰਾਂ ਵਲੋਂ ਆਪਣੇ ਸੁਝਾਅ ਵੀ ਸਾਂਝੇ ਕੀਤੇ ਗਏ ਅਤੇ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਕੀਤਾ ਗਿਆ |