ਖਰੜ, 28 ਮਈ (ਗੁਰਮੁੱਖ ਸਿੰਘ ਮਾਨ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਿਬਿਨ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਹਲਕਾ ਖਰੜ ਤੋਂ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਗਿੱਲ ਨੇ ਕੇਵਲ ਸਿੰਘ ਢਿੱਲੋਂ ਨੂੰ ਗੁਲਦਸਤਾ ਭੇਟ ਕਰ ਕੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਇਸ ਮੌਕੇ ਗਿੱਲ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤੀ ਨਾਲ ਲੋਕਾਂ ਵਿਚਕਾਰ ਆਪਣੀ ਪਹੁੰਚ ਬਣਾਏਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਰਾਸ਼ਟਰ ਪਹਿਲਾਂ, ਵਿਕਾਸ, ਸੁਸ਼ਾਸਨ, ਗ਼ਰੀਬ ਕਲਿਆਣ' ਅਤੇ 'ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ' ਵਾਲੀ ਸੋਚ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀ ਭਲਾਈ, ਉਦਯੋਗ ਦੇ ਵਿਕਾਸ ਅਤੇ ਦੇਸ਼ ਦੀ ਏਕਤਾ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ 'ਭਾਜਪਾ ਫ਼ਾਰ ਪੰਜਾਬ' ਦੀ ਸੋਚ ਤਹਿਤ ਪਾਰਟੀ ਪੰਜਾਬ ਨੂੰ ਵਿਕਾਸ, ਨਿਵੇਸ਼, ਰੁਜ਼ਗਾਰ,ਰਾਸ਼ਟਰਵਾਦ ਅਤੇ ਸੁਸ਼ਾਸਨ ਦੇ ਰਾਹ 'ਤੇ ਹੋਰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਣ ਲਈ ਨਿਰੰਤਰ ਕੰਮ ਕਰਦੀ ਰਹੇਗੀ | ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ 'ਚ ਭਾਜਪਾ ਪੰਜਾਬ ਦੇ ਲੋਕਾਂ ਲਈ ਇਕ ਮਜ਼ਬੂਤ, ਭਰੋਸੇਯੋਗ ਅਤੇ ਵਿਕਾਸਮੁੱਖੀ ਵਿਕਲਪ ਵਜੋਂ ਹੋਰ ਵੱਡੇ ਪੱਧਰ 'ਤੇ ਉਭਰੇਗੀ ਅਤੇ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਚਰਨਜੀਤ ਸਿੰਘ ਬਰਾੜ ਸਮੇਤ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ |