ਕੁਰਾਲੀ, 28 ਮਈ (ਬਿੱਲਾ ਅਕਾਲਗੜ੍ਹੀਆ)- ਪੰਜਾਬ ਸਮੇਤ ਪੂਰੇ ਉੱਤਰੀ ਭਾਰਤ 'ਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ | ਮੌਸਮ ਵਿਭਾਗ ਵਲੋਂ ਹੀਟ ਵੇਵ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਵੀ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਇਸ ਸਭ ਦੇ ਬਾਵਜੂਦ ਕਈ ਪ੍ਰਾਈਵੇਟ ਸਕੂਲਾਂ ਵਲੋਂ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਸਮਰ ਕੈਂਪ ਲਗਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮਾਮਲੇ ਨੂੰ ਲੈ ਕੇ ਮਾਪਿਆਂ ਨੇ ਚਿੰਤਾ ਪ੍ਰਗਟਾਈ ਹੈ | ਮਾਪਿਆਂ ਦਾ ਕਹਿਣਾ ਹੈ ਕਿ ਇਕ ਪਾਸੇ ਸਿਹਤ ਵਿਭਾਗ ਲੋਕਾਂ ਖਾਸ ਕਰਕੇ ਬੱਚਿਆਂ ਨੂੰ ਗਰਮੀ ਤੇ ਤਿੱਖੀ ਧੁੱਪ 'ਚ ਬਾਹਰ ਨਾ ਨਿਕਲਣ ਦੀ ਸਲਾਹ ਦੇ ਰਿਹਾ ਹੈ ਜਦਕਿ ਦੂਜੇ ਪਾਸੇ ਪ੍ਰਾਈਵੇਟ ਸਕੂਲਾਂ ਵਲੋਂ ਸਮਰ ਕੈਂਪ ਲਗਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਮਾਪਿਆਂ ਨੇ ਕਿਹਾ ਕਿ ਹੀਟ ਵੇਵ ਵਰਗੀ ਗੰਭੀਰ ਸਥਿਤੀ ਦੇ ਬਾਵਜੂਦ ਵੀ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ | ਮਾਪਿਆਂ ਨੇ ਪੰਜਾਬ ਸਿੱਖਿਆ ਵਿਭਾਗ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਪ੍ਰਾਈਵੇਟ ਸਕੂਲਾਂ 'ਚ ਲੱਗਣ ਵਾਲੇ ਸਮਰ ਕੈਂਪਾਂ 'ਤੇ ਤੁਰੰਤ ਰੋਕ ਲਗਾਈ ਜਾਵੇ |