ਐੱਸ. ਏ. ਐੱਸ. ਨਗਰ, 28 ਮਈ (ਤਰਵਿੰਦਰ ਸਿੰਘ ਬੈਨੀਪਾਲ)- ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਦਿਲੋਂ ਵਧਾਈ ਦਿੰਦਿਆਂ ਇਸ ਨੂੰ ਪੰਜਾਬ ਦੀ ਰਾਜਨੀਤੀ ਤੇ ਪਾਰਟੀ ਸੰਗਠਨ ਲਈ ਇਕ ਇਤਿਹਾਸਕ ਤੇ ਦੂਰਅੰਦੇਸ਼ੀ ਫ਼ੈਸਲਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਤਜ਼ਰਬੇਕਾਰ, ਲੋਕ-ਧਾਰਾ ਨਾਲ ਜੁੜੇ ਤੇ ਮਜ਼ਬੂਤ ਸੰਗਠਨ ਸਮਰੱਥਾ ਵਾਲੇ ਆਗੂ ਹਨ ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨਾ ਸਿਰਫ਼ ਹੋਰ ਮਜ਼ਬੂਤ ਹੋਵੇਗੀ, ਸਗੋਂ ਸੂਬੇ ਦੀ ਰਾਜਨੀਤੀ 'ਚ ਇਕ ਨਵਾਂ ਇਤਿਹਾਸ ਵੀ ਸਿਰਜੇਗੀ | ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੰਜਾਬ ਦੇ ਉੱਜਵਲ ਭਵਿੱਖ, ਲੋਕ-ਭਲਾਈ ਤੇ ਵਿਕਾਸਮੁਖੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਵੇਗੀ | ਉਨ੍ਹਾਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪਾਰਟੀ ਨੂੰ ਪੰਜਾਬ ਵਿਚ ਇਕ ਪ੍ਰਭਾਵਸ਼ਾਲੀ ਤੇ ਮਜ਼ਬੂਤ ਰਾਜਨੀਤਿਕ ਧਿਰ ਵਜੋਂ ਸਥਾਪਿਤ ਕਰਨ ਲਈ ਕੀਤੇ ਗਏ ਅਣਥੱਕ ਯਤਨਾਂ ਤੇ ਸੰਗਠਨ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ | ਬੀਬੀ ਰਾਮੂਵਾਲੀਆ ਨੇ ਪੰਜਾਬ ਭਾਜਪਾ ਦੇ ਸਾਰੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਨੂੰ ਮਜ਼ਬੂਤ ਕਰਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ' ਦੇ ਸੰਕਲਪ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ |