ਚੰਡੀਗੜ੍ਹ, 31 ਮਈ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 131ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 32,927 ਹੋ ਗਈਆਂ | ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ |