ਚੰਡੀਗੜ੍ਹ, 1 ਜੂਨ (ਅਜੀਤ ਬਿਊਰੋ)- 'ਗੈਂਗਸਟਰਾਂ ਤੇ ਵਾਰ' ਦੇ 132ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 446 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਅੱਜ ਪੁਲਿਸ ਟੀਮਾਂ ਨੇ 192 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੇ ਨਾਲ-ਨਾਲ ਇਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 33,119 ਹੋ ਗਈਆਂ | ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 457ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 75 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ 673 ਗ੍ਰਾਮ ਹੈਰੋਇਨ, 74 ਕਿਲੋ ਭੁੱਕੀ, 1900 ਨਸ਼ੀਲੀਆਂ ਗੋਲੀਆਂ ਅਤੇ 31,850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 457 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,093 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |