ਚੰਡੀਗੜ੍ਹ, 1 ਜੂਨ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੀ ਸੀਨੀਅਰ ਮਹਿਲਾ ਆਗੂ ਟੀਨਾ ਚੌਧਰੀ ਨੇ ਪੰਜਾਬ ਵਿਚਲੀ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿਚ ਹਾਲਾਤ ਇੰਨੇ ਭਿਆਨਕ ਹੋ ਗਏ ਹਨ ਕਿ ਆਮ ਲੋਕ ਹੁਣ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦੇ | ਜੰਡਿਆਲਾ ਗੁਰੂ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ | ਅਪਰਾਧੀਆਂ ਨੂੰ ਨਾ ਤਾਂ ਪੁਲਿਸ ਦਾ ਡਰ ਹੈ ਅਤੇ ਨਾ ਹੀ ਸਰਕਾਰ ਦਾ | ਉਨ੍ਹਾਂ ਕਿਹਾ ਕਿ ਸੂਬੇ 'ਚ ਕਤਲ, ਗੈਂਗਵਾਰ, ਡਕੈਤੀਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਰੋਜ਼ਾਨਾ ਵਾਪਰ ਰਹੀਆਂ ਹਨ, ਜਿਸ ਨਾਲ ਪੰਜਾਬ ਦੇ ਲੋਕ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿਚ ਰਹਿਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਅਸਫਲ ਹੋ ਗਈ ਹੈ ਅਤੇ ਪੰਜਾਬ ਨੂੰ ਜੰਗਲ ਰਾਜ ਵੱਲ ਧੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਪਰਾਧ ਨੂੰ ਰੋਕਣ ਲਈ ਸਰਕਾਰ ਕੋਲ ਕੋਈ ਠੋਸ ਯੋਜਨਾ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਲਈ ਤੁਰੰਤ ਸਖ਼ਤ ਕਦਮ ਚੁੱਕੇ ਅਤੇ ਅਪਰਾਧੀਆਂ ਵਿਰੁੱਧ ਬਿਨਾਂ ਕਿਸੇ ਰਾਜਨੀਤਿਕ ਦਬਾਅ ਦੇ ਕਾਰਵਾਈ ਯਕੀਨੀ ਬਣਾਈ ਜਾਵੇ |