ਚੰਡੀਗੜ੍ਹ, 5 ਜੂਨ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 136ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 136ਵੇਂ ਦਿਨ ਪੁਲਿਸ ਟੀਮਾਂ ਨੇ ਇਕ ਹਥਿਆਰ ਸਮੇਤ 295 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 34,212 ਹੋ ਗਈਆਂ | ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 461ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1.1 ਕਿਲੋ ਹੈਰੋਇਨ, 476 ਨਸ਼ੀਲੀਆਂ ਗੋਲੀਆਂ ਤੇ 5100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 461 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,841 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |