ਚੰਡੀਗੜ੍ਹ, 8 ਜੂਨ (ਪ੍ਰੋ. ਅਵਤਾਰ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਸਤਰੀ ਅਕਾਲੀ ਦਲ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਉਹ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚਾ ਬਣਾ ਕੇ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੂਥ ਪੱਧਰ ਦੀਆਂ ਕਮੇਟੀਆਂ ਗਠਿਤ ਕਰਨ ਤੇ ਬੂਥ ਪ੍ਰਧਾਨਾਂ ਦੀ ਨਿਯੁਕਤੀ ਕਰਨ ਤੋਂ ਇਲਾਵਾ ਵਿੰਗ ਆਪਣੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕਰੇ | ਇਸ ਮੌਕੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਟੀ ਦਾ ਇਸਤਰੀ ਵਿੰਗ ਬਦਲਾਅ ਦਾ ਮੁੱਢ ਬੰਨਣ ਵਿਚ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ | ਔਰਤਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਨੀਤੀਆਂ ਤੋਂ ਸਭ ਤੋਂ ਵੱਧ ਪ੍ਰਭਾਵਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ 'ਚ ਕਟੌਤੀ ਦੇ ਨਾਲ-ਨਾਲ ਨਸ਼ਿਆਂ ਨਾਲ ਮੌਤਾਂ 'ਚ ਆਏ ਉਛਾਲ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਔਰਤਾਂ ਦੇ ਘਰ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ | ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਇਸਤਰੀ ਵਿੰਗ ਜਲਦੀ ਹੀ ਰੋਸ ਪ੍ਰਦਰਸ਼ਨਾਂ ਦੀ ਲਹਿਰ ਸ਼ੁਰੂ ਕਰੇਗਾ ਤੇ ਆਪ ਸਰਕਾਰ ਨੂੰ ਪੰਜਾਬ ਵਿਰੋਧੀ ਤੇ ਔਰਤ ਵਿਰੋਧੀ ਨੀਤੀਆਂ ਅਪਣਾਉਣ ਲਈ ਜਵਾਬਦੇਹ ਠਹਿਰਾਇਆ ਜਾਵੇਗਾ |