ਪੰਚਕੂਲਾ, 8 ਜੂਨ (ਕਪਿਲ)- ਹਰਿਆਣਾ ਦੇ ਸਰਕਾਰੀ ਸਕੂਲਾਂ 'ਚ ਤਾਇਨਾਤ ਕੰਪਿਊਟਰ ਲੈਬ ਅਟੈਂਡੈਂਟਾਂ ਵਲੋਂ ਅੱਜ ਪੰਚਕੂਲਾ ਦੇ ਸੈਕਟਰ-5 ਸਥਿਤ ਧਰਨਾ ਸਥਾਨ 'ਤੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਵੱਡੀ ਗਿਣਤੀ 'ਚ ਇਕੱਤਰ ਹੋਏ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੇ ਮਸਲਿਆਂ ਨੂੰ ਜਲਦ ਹੱਲ ਕਰਨ ਦੀ ਮੰਗ ਕੀਤੀ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਕਰੀਬ 15 ਸਾਲਾਂ ਤੋਂ ਸਰਕਾਰੀ ਸਕੂਲਾਂ 'ਚ ਸੇਵਾਵਾਂ ਦੇ ਰਹੇ ਹਨ ਪਰ ਅਜੇ ਵੀ ਉਨ੍ਹਾਂ ਨੂੰ ਬਹੁਤ ਘੱਟ ਤਨਖਾਹਾਂ 'ਤੇ ਕੰਮ ਕਰਨਾ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਰੁਜ਼ਗਾਰ ਸੁਰੱਖਿਆ, ਤਨਖਾਹ ਵਾਧੇ ਤੇ ਸੇਵਾ ਸੁਰੱਖਿਆ ਨਾਲ ਸੰਬੰਧਿਤ ਮਸਲਿਆਂ ਦਾ ਲੰਬੇ ਸਮੇਂ ਤੋਂ ਕੋਈ ਹੱਲ ਨਹੀਂ ਕੱਢਿਆ ਗਿਆ | ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਵਲੋਂ ਰੁਜ਼ਗਾਰ ਸੁਰੱਖਿਆ ਪੋਰਟਲ 'ਤੇ ਡਾਟਾ ਅੱਪਲੋਡ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ ਪਰ ਤਕਨੀਕੀ ਖਾਮੀਆਂ ਅਤੇ ਓ. ਟੀ. ਪੀ. ਨਾ ਮਿਲਣ ਕਾਰਨ ਉਨ੍ਹਾਂ ਦਾ ਡਾਟਾ ਅਜੇ ਤੱਕ ਪੋਰਟਲ 'ਤੇ ਦਰਜ ਨਹੀਂ ਹੋ ਸਕਿਆ | ਇਸ ਕਾਰਨ ਹਜ਼ਾਰਾਂ ਕਰਮਚਾਰੀ ਰੁਜ਼ਗਾਰ ਸੁਰੱਖਿਆ ਕਾਨੂੰਨ ਦੇ ਲਾਭਾਂ ਤੋਂ ਵਾਂਝੇ ਹਨ | ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਮੰਗ ਕੀਤੀ ਕਿ ਸਾਰੇ ਯੋਗ ਕਰਮਚਾਰੀਆਂ ਦਾ ਡਾਟਾ ਤੁਰੰਤ ਪੋਰਟਲ 'ਤੇ ਦਰਜ ਕੀਤਾ ਜਾਵੇ | ਇਸ ਤੋਂ ਇਲਾਵਾ ਜਦੋਂ ਤੱਕ ਰੁਜ਼ਗਾਰ ਸੁਰੱਖਿਆ ਯਕੀਨੀ ਨਹੀਂ ਹੁੰਦੀ, ਉਨ੍ਹਾਂ ਨੂੰ ਮਹੀਨਾਵਾਰ 35 ਹਜ਼ਾਰ ਤਨਖ਼ਾਹ ਦਿੱਤੀ ਜਾਵੇ ਤੇ ਉਨ੍ਹਾਂ ਦੀ ਵਿੱਦਿਅਕ ਯੋਗਤਾ ਤੇ ਕੰਮ ਅਨੁਸਾਰ ਤਕਨੀਕੀ ਤਨਖਾਹ ਭੱਤਾ ਲਾਗੂ ਕੀਤਾ ਜਾਵੇ | ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਜਲਦ ਫ਼ੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ 'ਚ ਲੰਬੇ ਸਮੇਂ ਤੋਂ ਯੋਗਦਾਨ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ |