ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 143ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 143ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 36,381 ਹੋ ਗਈਆਂ | ਇਸ ਤੋਂ ਇਲਾਵਾ 119 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 466ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 90 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ 208 ਗ੍ਰਾਮ ਹੈਰੋਇਨ, 150 ਕਿਲੋ ਭੁੱਕੀ, 1119 ਨਸ਼ੀਲੀਆਂ ਗੋਲੀਆਂ ਤੇ 2.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 468 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,933 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |