ਐੱਸ. ਏ. ਐੱਸ. ਨਗਰ, 13 ਜੂਨ (ਪ੍ਰੋ. ਅਵਤਾਰ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.) ਦੇ ਕਾਰਜ ਨੂੰ ਸੁਚਾਰੂ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਨੋਡਲ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸੇ ਲੜੀ ਤਹਿਤ ਜ਼ਿਲ੍ਹਾ ਉਪ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਵਲੋਂ ਨੋਡਲ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ | ਮੀਟਿੰਗ ਦੌਰਾਨ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਆਪਣੀਆਂ ਡਿਊਟੀ ਪੂਰੀ ਜ਼ਿੰਮੇਵਾਰੀ, ਤਨਦੇਹੀ ਅਤੇ ਸਮਾਂਬੱਧ ਢੰਗ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੋਡਲ ਅਫ਼ਸਰ (ਟ੍ਰੇਨਿੰਗ) ਹਰਵਿੰਦਰ ਸਿੰਘ ਹੁੰਦਲ (ਜ਼ਿਲ੍ਹਾ ਮਾਲ ਅਫ਼ਸਰ) ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਮਾਸਟਰ ਟ੍ਰੇਨਰਾਂ ਰਾਹੀਂ ਅਸੈਂਬਲੀ ਮਾਸਟਰ ਟ੍ਰੇਨਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ. ਐੱਲ. ਓਜ਼) ਦੀ ਸਿਖਲਾਈ ਜਲਦ ਮੁਕੰਮਲ ਕੀਤੀ ਜਾਵੇ ਤਾਂ ਜੋ ਵੋਟਰਾਂ ਨੂੰ ਫਾਰਮ ਭਰਨ ਅਤੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ 'ਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸੇ ਦੌਰਾਨ ਜ਼ਿਲ੍ਹਾ ਉਪ ਚੋਣ ਅਫ਼ਸਰ ਨੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਸਹਾਇਕ ਨੋਡਲ ਅਫ਼ਸਰ ਗਿੰਨੀ ਦੁੱਗਲ ਨੂੰ ਨਿਰਦੇਸ਼ ਦਿੱਤੇ ਕਿ ਐੱਸ. ਆਈ. ਆਰ. ਸੰਬੰਧੀ ਸਕੂਲਾਂ, ਕਾਲਜਾਂ, ਸਮਾਜਿਕ ਸੰਸਥਾਵਾਂ, ਵਲੰਟੀਅਰਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੱਧ ਤੋਂ ਵੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਹਰ ਯੋਗ ਵੋਟਰ ਇਸ ਪ੍ਰਕਿਰਿਆ 'ਚ ਆਪਣੀ ਭਾਗੀਦਾਰੀ ਯਕੀਨੀ ਬਣਾ ਸਕੇ | ਉਨ੍ਹਾਂ ਦੱਸਿਆ ਕਿ ਐੱਸ. ਆਈ. ਆਰ. ਨੂੰ ਲੈ ਕੇ 15 ਜੂਨ ਤੋਂ 24 ਜੂਨ ਤੱਕ ਤਿਆਰੀ, ਸਿਖਲਾਈ ਅਤੇ ਪਿ੍ੰਟਿੰਗ ਸੰਬੰਧੀ ਕਾਰਜ ਮੁਕੰਮਲ ਕੀਤੇ ਜਾਣਗੇ | ਇਸ ਤੋਂ ਬਾਅਦ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਵੇਗਾ, ਜਦਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦਾ ਕੰਮ 24 ਜੁਲਾਈ ਤੱਕ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸੁਰਿੰਦਰ ਬੱਤਰਾ ਚੋਣ ਕਾਨੂੰਨਗੋ, ਨਵਨੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਜ਼ਿਲ੍ਹਾ ਮਾਸਟਰ ਟ੍ਰੇਨਰ ਅਨਿਲ ਬਾਨਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |