ਜ਼ੀਰਕਪੁਰ, 13 ਜੂਨ (ਹੈਪੀ ਪੰਡਵਾਲਾ)-ਸਰਕਾਰ ਦੀ 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਤਹਿਤ ਸ਼ਹਿਰ ਜ਼ੀਰਕਪੁਰ 'ਚ ਵੱਡੇ ਪੱਧਰ 'ਤੇ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਕੌਂਸਲਰ ਗੁਰਪ੍ਰੀਤ ਸਿੰਘ ਵਿਰਕ ਵਲੋਂ ਨਗਰ ਕੌਂਸਲ ਦੀਆਂ ਟੀਮਾਂ ਨਾਲ ਮਿਲ ਕੇ ਸਫ਼ਾਈ ਕਾਰਜਾਂ ਦੀ ਨਿਗਰਾਨੀ ਕੀਤੀ ਗਈ | ਵਿਰਕ ਨੇ ਦੱਸਿਆ ਕਿ ਇਹ ਸਫ਼ਾਈ ਮੁਹਿੰਮ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਮੁਤਾਬਿਕ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅੱਜ ਸ਼ਹਿਰ ਦੀਆਂ ਮੁੱਖ ਤੇ ਸਰਵਿਸ ਸੜਕਾਂ ਸਮੇਤ ਹੋਰ ਜਨਤਕ ਥਾਵਾਂ 'ਤੇ ਇਕੱਠੀ ਹੋਈ ਮਿੱਟੀ, ਕੂੜੇ ਤੇ ਜੰਗਲੀ ਬੂਟੀ ਨੂੰ ਹਟਾਇਆ ਗਿਆ | ਉਨ੍ਹਾਂ ਦੱਸਿਆ ਕਿ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਸਫ਼ਾਈ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫ਼ਰਜ਼ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਥਾਵਾਂ 'ਤੇ ਹੀ ਸੁੱਟਣ ਅਤੇ ਮਿਸ਼ਨ ਕਲੀਨ ਪੰਜਾਬ ਨੂੰ ਸਫ਼ਲ ਬਣਾਉਣ 'ਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਪਰਵਿੰਦਰ ਭੱਟੀ ਵੀ ਹਾਜ਼ਰ ਸਨ, ਜਿਨ੍ਹਾਂ ਦੱਸਿਆ ਕਿ ਹਰੇਕ ਵਾਰਡ 'ਚ ਪੜਾਅਵਾਰ ਢੰਗ ਨਾਲ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ | ਇਸੇ ਦੌਰਾਨ ਸ਼ਹਿਰ ਵਾਸੀਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਅਜਿਹੀਆਂ ਮੁਹਿੰਮਾਂ ਨਾਲ ਜ਼ੀਰਕਪੁਰ ਦੀ ਦਿੱਖ 'ਚ ਹੋਰ ਸੁਧਾਰ ਆਵੇਗਾ |