ਮੁੱਲਾਂਪੁਰ ਗਰੀਬਦਾਸ, 13 ਜੂਨ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਦੀਆਂ ਕਿਆਸਰਾਈਆਂ ਚੱਲ ਰਹੀਆਂ ਹਨ | ਕੇਂਦਰ ਅਤੇ ਪੰਜਾਬ ਦੇ ਵੱਖ-ਵੱਖ ਆਗੂਆਂ ਵਲੋਂ ਇਸ ਸੰਬੰਧ 'ਚ ਬਿਆਨਬਾਜ਼ੀ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਭਾਜਪਾ ਅਕਾਲੀਆਂ ਨਾਲ ਗੱਠਜੋੜ ਦੀ ਰਾਜਨੀਤੀ ਦਾ ਪੱਤਾ ਖੇਡੇਗੀ | ਉਨ੍ਹਾਂ ਕਿਹਾ ਕਿ ਫ਼ਿਲਹਾਲ ਤਾਜ਼ਾ ਹਾਲਾਤਾਂ ਤੇ ਸਿਆਸੀ ਸਮੀਕਰਨਾਂ ਦੇ ਮੱਦੇਨਜ਼ਰ ਭਾਜਪਾ ਨਾਲ ਮਿਲ ਕੇ ਚੱਲਣਾ ਅਕਾਲੀਆਂ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਅਤੇ ਮਿਊਾਸੀਪਲ ਕਮੇਟੀ ਦੀਆਂ ਚੋਣਾਂ ਨੇ ਸਾਰੀਆਂ ਪਾਰਟੀਆਂ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਆਪਸੀ ਫੁੱਟ ਦੇ ਚਲਦਿਆਂ ਅਕਾਲੀ ਦਲ ਖੇਰੂੰ-ਖੇਰੂੰ ਹੋ ਚੁੱਕਾ ਹੈ, ਜਿਸ ਕਾਰਨ ਭਾਜਪਾ ਹਾਈਕਮਾਂਡ ਦੁਵਿਧਾ 'ਚ ਫਸੀ ਹੋਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਤੇ ਅਕਾਲੀ ਦਲ ਇਕ-ਦੂਜੇ ਦੇ ਸਹਿਯੋਗ ਤੋਂ ਬਿਨਾਂ ਪੰਜਾਬ 'ਚ ਸੱਤਾ 'ਤੇ ਕਾਬਜ਼ ਨਹੀਂ ਹੋ ਸਕਦੇ ਅਤੇ ਜੇਕਰ ਭਵਿੱਖ 'ਚ ਇਨ੍ਹਾਂ ਦਾ ਗੱਠਜੋੜ ਨਹੀਂ ਹੁੰਦਾ ਤਾਂ ਇਨ੍ਹਾਂ ਦੇ ਪੱਲੇ ਕੁਝ ਵੀ ਨਹੀਂ ਪਵੇਗਾ |