ਖਰੜ, 13 ਜੂਨ (ਜੰਡਪੁਰੀ)-ਆਮ ਆਦਮੀ ਪਾਰਟੀ ਦੇ ਹਲਕਾ ਟ੍ਰੇਡਿੰਗ ਵਿੰਗ ਦੇ ਚੇਅਰਮੈਨ ਯਸ਼ਪਾਲ ਬਾਂਸਲ ਅਤੇ ਜ਼ਿਲ੍ਹਾ ਮੁਹਾਲੀ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਮਟੌਰੀਆ ਦੀ ਅਗਵਾਈ ਹੇਠ 'ਵਪਾਰੀਆਂ ਨਾਲ ਗੱਲਬਾਤ' ਦੇ ਬੈਨਰ ਹੇਠ ਮੀਟਿੰਗ ਸੱਦੀ ਗਈ | ਇਸ ਮੌਕੇ ਖਰੜ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਜਿਥੇ ਲੋਕਾਂ ਨੇ ਖਰੜ ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਨਾਜਾਇਜ਼ ਕਬਜ਼ਿਆਂ ਅਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਸਲੇ ਸਭ ਦੇ ਸਾਹਮਣੇ ਰੱਖੇ, ਉਥੇ ਹੀ ਵਾ. ਨੰ. 7 'ਚ ਲਗਾਏ ਗਏ ਨਾਜਾਇਜ਼ ਟਿਊਬਵੈੱਲ ਸੰਬੰਧੀ ਵੀ ਚਰਚਾ ਕੀਤੀ ਗਈ | ਇਸ ਮੌਕੇ ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਦੀਆਂ ਖਸਤਾ ਹਾਲ ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਹੋਵੇਗਾ | ਉਨ੍ਹਾਂ ਸ਼ਹਿਰ 'ਚ ਹੋਏ ਨਾਜਾਇਜ਼ ਕਬਜ਼ਿਆਂ ਸੰਬੰਧੀ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਅਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲਿਆਂ ਨੂੰ ਖ਼ੁਦ ਹੀ ਸਮਝ ਲੈਣਾ ਚਾਹੀਦਾ ਕਿ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਆਵਾਜਾਈ 'ਚ ਵਿਘਨ ਪੈਂਦਾ ਹੈ | ਇਸ ਮੌਕੇ ਤਰਲੋਚਨ ਸਿੰਘ ਮਟੌਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ ਦੁਕਾਨਦਾਰਾਂ ਅਤੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਕੇ ਨਿਪਟਾਰਾ ਕੀਤਾ ਜਾਵੇ ਤਾਂ ਕਿ ਆਮ ਜਨਤਾ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਾ ਆਵੇ | ਇਸ ਮੌਕੇ 'ਆਪ' ਦੇ ਵਰਕਰਾਂ ਤੇ ਸਥਾਨਕ ਵਸਨੀਕਾਂ ਸਮੇਤ ਕੌਂਸਲ ਅਧਿਕਾਰੀ ਵੀ ਹਾਜ਼ਰ ਸਨ |