ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਵੱਲੋਂ ਮੋਦੀ ਸਰਕਾਰ ਦੇ 12 ਸਾਲਾਂ ਨੂੰ ਸੇਵਾ, ਸੁਸ਼ਾਸਨ ਤੇ ਵਿਕਾਸ ਦਾ ਸੁਨਹਿਰੀ ਕਾਲ ਦੱਸਣ ਦੇ ਦਾਅਵਿਆਂ 'ਤੇ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ | ਪਾਰਟੀ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਪੂਰੀ ਮੁਹਿੰਮ ਪ੍ਰਾਪਤੀਆਂ ਦੀ ਇਸ਼ਤਿਹਾਰਬਾਜ਼ੀ 'ਤੇ ਆਧਾਰਤ ਹੈ ਜਦਕਿ ਜ਼ਮੀਨੀ ਪੱਧਰ 'ਤੇ ਜਨਤਾ ਮਹਿੰਗਾਈ, ਬੇਰੁਜ਼ਗਾਰੀ, ਭਿ੍ਸ਼ਟਾਚਾਰ, ਵੱਧ ਰਹੀ ਆਰਥਿਕ ਅਸਮਾਨਤਾ ਤੇ ਸਥਾਨਕ ਸਮੱਸਿਆਵਾਂ ਨਾਲ ਜੂਝ ਰਹੀ ਹੈ | ਚੰਡੀਗੜ੍ਹ 'ਆਪ' ਦੇ ਪ੍ਰਧਾਨ ਵਿਜੇਪਾਲ ਸਿੰਘ ਨੇ ਭਾਜਪਾ ਦੇ ਦਾਅਵਿਆਂ ਨੂੰ ਅਸਲੀਅਤ ਤੋਂ ਕੋਹਾਂ ਦੂਰ ਦੱਸਦਿਆਂ ਕਿਹਾ ਕਿ ਜੇਕਰ ਪਿਛਲੇ 12 ਸਾਲਾਂ ਵਿਚ 25 ਕਰੋੜ ਲੋਕ ਗ਼ਰੀਬੀ ਰੇਖਾ ਤੋਂ ਬਾਹਰ ਆ ਚੁੱਕੇ ਹਨ ਤਾਂ ਫਿਰ 81 ਕਰੋੜ ਲੋਕਾਂ ਨੂੰ ਅੱਜ ਵੀ ਮੁਫ਼ਤ ਰਾਸ਼ਨ ਦੇਣ ਦੀ ਲੋੜ ਕਿਉਂ ਪੈ ਰਹੀ ਹੈ? ਉਨ੍ਹਾਂ ਕਿਹਾ ਕਿ ਭਾਜਪਾ ਇੱਕ ਪਾਸੇ ਗ਼ਰੀਬੀ ਖ਼ਤਮ ਹੋਣ ਦਾ ਦਾਅਵਾ ਕਰਦੀ ਹੈ ਤੇ ਦੂਜੇ ਪਾਸੇ ਦੇਸ਼ ਦੀ ਵੱਡੀ ਆਬਾਦੀ ਨੂੰ ਮੁਫ਼ਤ ਰਾਸ਼ਨ 'ਤੇ ਨਿਰਭਰ ਦੱਸਦੀ ਹੈ | ਵਿਜੇਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਜਨਧਨ ਖਾਤਿਆਂ, ਡੀ.ਬੀ.ਟੀ. ਤੇ ਵੱਖ-ਵੱਖ ਯੋਜਨਾਵਾਂ ਦੇ ਅੰਕੜੇ ਗਿਣਾਉਣ ਵਿਚ ਰੁੱਝੀ ਹੋਈ ਹੈ ਪਰ ਦੇਸ਼ ਦਾ ਆਮ ਨਾਗਰਿਕ ਅੱਜ ਵੀ ਮਹਿੰਗਾਈ ਤੋਂ ਪਰੇਸ਼ਾਨ ਹੈ | ਪੈਟਰੋਲ, ਡੀਜ਼ਲ, ਰਸੋਈ ਗੈਸ ਤੇ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਮੱਧਮ ਵਰਗ ਤੇ ਗ਼ਰੀਬ ਪਰਿਵਾਰਾਂ ਦਾ ਲੱਕ ਤੋੜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਅੰਤਰਰਾਸ਼ਟਰੀ ਮੰਚਾਂ 'ਤੇ ਮਜ਼ਬੂਤ ਲੀਡਰਸ਼ਿਪ ਤੇ ਸਫਲ ਵਿਦੇਸ਼ ਨੀਤੀ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਵਿਚ ਅਸਫਲ ਰਹੀ ਹੈ | ਉਨ੍ਹਾਂ ਭਾਜਪਾ ਦੇ ਭਿ੍ਸ਼ਟਾਚਾਰ ਵਿਰੋਧੀ ਦਾਅਵਿਆਂ 'ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਚੋਣ ਬਾਂਡ (ਇਲੈਕਟੋਰਲ ਬਾਂਡ), ਸਰਕਾਰੀ ਏਜੰਸੀਆਂ ਦੀ ਵਰਤੋਂ ਤੇ ਵੱਖ-ਵੱਖ ਜਨਤਕ ਪ੍ਰੋਜੈਕਟਾਂ ਨੂੰ ਲੈ ਕੇ ਉੱਠੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਭਾਜਪਾ ਸਿਰਫ਼ ਆਪਣੀਆਂ ਪ੍ਰਾਪਤੀਆਂ ਦਾ ਬਖਾਨ ਕਰ ਰਹੀ ਹੈ | ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਓਾਕਾਰ ਸਿੰਘ ਔਲਖ ਨੇ ਕਿਹਾ ਕਿ ਭਾਜਪਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਦੇ ਭਵਿੱਖ ਨੂੰ ਅਨਿਸ਼ਚਿਤਤਾ ਵੱਲ ਧੱਕ ਰਹੀ ਹੈ | ਉਨ੍ਹਾਂ ਕਿਹਾ ਕਿ ਅਗਨੀਪਥ ਯੋਜਨਾ ਨੇ ਲੱਖਾਂ ਨੌਜਵਾਨਾਂ ਦੇ ਭਵਿੱਖ ਤੇ ਸਥਾਈ ਰੁਜ਼ਗਾਰ ਦੀਆਂ ਉਮੀਦਾਂ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ ਉੱਥੇ ਹੀ ਨੀਟ, ਯੂ.ਜੀ.ਸੀ-ਨੈੱਟ ਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਵਾਰ-ਵਾਰ ਸਾਹਮਣੇ ਆਏ ਪੇਪਰ ਲੀਕ ਤੇ ਪ੍ਰੀਖਿਆ ਪ੍ਰਬੰਧਨ ਨਾਲ ਜੁੜੇ ਵਿਵਾਦਾਂ ਨੇ ਨੌਜਵਾਨਾਂ ਦਾ ਵਿਸ਼ਵਾਸ ਕਮਜ਼ੋਰ ਕੀਤਾ ਹੈ | ਆਮ ਆਦਮੀ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਵਿਕਰਾਂਤ ਏ. ਤੰਵਰ ਨੇ ਭਾਜਪਾ ਦੇ ਰਾਸ਼ਟਰੀ ਦਾਅਵਿਆਂ ਤੇ ਚੰਡੀਗੜ੍ਹ ਦੀਆਂ ਜ਼ਮੀਨੀ ਹਕੀਕਤਾਂ ਵਿਚਕਾਰਲੇ ਅੰਤਰ ਨੂੰ ਉਜਾਗਰ ਕਰਦਿਆਂ ਕਿਹਾ ਕਿ ਭਾਜਪਾ ਪਿਛਲੇ 12 ਸਾਲਾਂ ਤੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਚੰਡੀਗੜ੍ਹ ਦੀ ਜਨਤਾ ਅੱਜ ਵੀ ਆਪਣੇ ਮੁੱਢਲੇ ਅਧਿਕਾਰਾਂ ਅਤੇ ਸਹੂਲਤਾਂ ਲਈ ਸੰਘਰਸ਼ ਕਰ ਰਹੀ ਹੈ |