ਚੰਡੀਗੜ੍ਹ, 14 ਜੂਨ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 12 ਸਾਲ ਦੇਸ਼ ਦੇ ਸਰਵਪੱਖੀ ਵਿਕਾਸ, ਸੁਸ਼ਾਸਨ ਤੇ ਲੋਕ ਭਲਾਈ ਲਈ ਸਮਰਪਿਤ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਦੌਰਾਨ ਗ਼ਰੀਬ ਕਲਿਆਣ, ਮਹਿਲਾ ਸਸ਼ਕਤੀਕਰਨ, ਕਿਸਾਨ ਭਲਾਈ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਅਜਿਹੇ ਕੰਮ ਹੋਏ ਹਨ ਜਿਨ੍ਹਾਂ ਨੇ ਭਾਰਤ ਦੀ ਵਿਕਾਸ ਯਾਤਰਾ ਨੂੰ ਨਵੀਂ ਰਫ਼ਤਾਰ ਦਿੱਤੀ ਹੈ | ਸੈਕਟਰ 33 ਸਥਿਤ ਭਾਜਪਾ ਦੇ ਸੂਬਾ ਦਫ਼ਤਰ ਕਮਲਮ ਵਿਖੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਲਹੋਤਰਾ ਨੇ ਕਿਹਾ ਕਿ 'ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ ਤੇ ਸਭ ਕਾ ਪ੍ਰਯਾਸ' ਦੇ ਮੰਤਰ ਨੂੰ ਅਪਣਾਉਂਦਿਆਂ ਕੇਂਦਰ ਸਰਕਾਰ ਨੇ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦੇ ਨਤੀਜੇ ਵਜੋਂ ਕਰੀਬ 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਆਏ ਹਨ | ਉਨ੍ਹਾਂ ਕਿਹਾ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਨੇ ਸਰਕਾਰੀ ਸਹਾਇਤਾ ਨੂੰ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਬਣਾਇਆ ਹੈ | ਇਸ ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿਚ ਸਿੱਧੀ ਰਕਮ ਭੇਜੀ ਗਈ ਜਿਸ ਨਾਲ ਜਾਅਲੀ ਲਾਭਪਾਤਰੀਆਂ ਦੀ ਪਛਾਣ ਹੋਈ ਤੇ ਲਗਭਗ 4.31 ਲੱਖ ਕਰੋੜ ਰੁਪਏ ਦੀ ਬਚਤ ਸੰਭਵ ਹੋਈ | ਉਨ੍ਹਾਂ ਦੱਸਿਆ ਕਿ ਦੇਸ਼ ਭਰ 'ਚ 58 ਕਰੋੜ ਤੋਂ ਵੱਧ ਜਨ ਧਨ ਖਾਤੇ ਖੋਲ੍ਹੇ ਗਏ ਹਨ ਜਿਨ੍ਹਾਂ ਵਿਚੋਂ 32 ਕਰੋੜ ਤੋਂ ਵੱਧ ਮਹਿਲਾਵਾਂ ਦੇ ਹਨ | ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 11 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ 4.3 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਗਈ ਹੈ | ਇਸ ਤੋਂ ਇਲਾਵਾ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਨੇ ਕਰੋੜਾਂ ਕਿਸਾਨਾਂ ਨੂੰ ਸਸਤੇ ਕਰਜ਼ੇ ਦੀ ਸਹੂਲਤ ਪ੍ਰਦਾਨ ਕੀਤੀ ਹੈ | ਮਹਿਲਾ ਸਸ਼ਕਤੀਕਰਨ ਨੂੰ ਮੋਦੀ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਵਿਚੋਂ ਇੱਕ ਦੱਸਦਿਆਂ ਉਨ੍ਹਾਂ ਕਿਹਾ ਕਿ ਲਖਪਤੀ ਦੀਦੀ ਯੋਜਨਾ ਤਹਿਤ 3 ਕਰੋੜ ਤੋਂ ਵੱਧ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਇਆ ਗਿਆ ਹੈ | ਇਸੇ ਤਰਾਂ ਸੁਕਨਿਆ ਸਮਿ੍ੱਧੀ ਯੋਜਨਾ ਤਹਿਤ 4.5 ਕਰੋੜ ਤੋਂ ਵੱਧ ਖਾਤੇ ਖੋਲ੍ਹੇ ਗਏ ਹਨ ਤੇ ਸੁਰੱਖਿਆ ਬਲਾਂ 'ਚ ਮਹਿਲਾਵਾਂ ਦੀ ਹਿੱਸੇਦਾਰੀ ਵਿਚ ਵੀ ਅਹਿਮ ਵਾਧਾ ਹੋਇਆ ਹੈ | ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਉਨ੍ਹਾਂ ਕਿਹਾ ਕਿ 2014 'ਚ ਦੇਸ਼ ਵਿਚ ਕੌਮੀ ਰਾਜਮਾਰਗਾਂ ਦੀ ਲੰਬਾਈ 91 ਹਜ਼ਾਰ ਕਿਲੋਮੀਟਰ ਦੇ ਕਰੀਬ ਸੀ, ਜੋ ਹੁਣ 1.46 ਲੱਖ ਕਿਲੋਮੀਟਰ ਤੋਂ ਵੱਧ ਹੋ ਗਈ ਹੈ | ਹਾਈਵੇਅ ਨਿਰਮਾਣ ਦੀ ਰਫ਼ਤਾਰ ਵੀ ਤਿੰਨ ਗੁਣਾ ਤੋਂ ਵੱਧ ਵਧੀ ਹੈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਇੰਦਰਾ ਸਿੰਘ, ਨਰੇਸ਼ ਪੰਚਾਲ, ਸੂਬਾ ਜਨਰਲ ਸਕੱਤਰ ਰਾਮਵੀਰ ਭੱਟੀ, ਸੂਬਾ ਮੀਡੀਆ ਇੰਚਾਰਜ ਰਵੀ ਰਾਵਤ, ਸੂਬਾ ਸਕੱਤਰ ਮੀਨਾਕਸ਼ੀ ਠਾਕੁਰ ਤੇ ਮਨੀਸ਼ ਸ਼ਰਮਾ ਆਦਿ ਹਾਜ਼ਰ ਸਨ |