ਚੰਡੀਗੜ੍ਹ, 15 ਜੂਨ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੋਟਰ ਸੂਚੀਆਂ ਦੇ ਵਿਸ਼ੇਸ਼ ਸੰਖੇਪ ਪੁਨਰਨਿਰੀਖਣ (ਐਸ.ਆਈ.ਆਰ.) ਅਧੀਨ ਅੱਜ ਤੋਂ ਗਿਣਤੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਨਾਗਰਿਕਾਂ ਨੂੰ ਆਪਣੇ ਵੇਰਵਿਆਂ ਦੀ ਜਾਂਚ ਅਤੇ ਸੋਧ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਤਹਿਤ ਅੱਜ ਸੁਖਨਾ ਝੀਲ ਵਿਖੇ ਇਕ ਵਾਕਾਥਾਨ ਕਰਵਾਇਆ ਗਿਆ, ਜਿਸ ‘ਚ 200 ਤੋਂ ਵੱਧ ਆਂਗਣਵਾੜੀ ਵਰਕਰਾਂ ਅਤੇ ਸਿਵਲ ਡਿਫੈਂਸ ਵਲੰਟੀਅਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਉਨ੍ਹਾਂ ਨੇ ‘ਐੱਸ.ਆਈ.ਆਰ., ਚੰਡੀਗੜ੍ਹ ਹੈ ਤਿਆਰ’ ਦੇ ਨਾਅਰੇ ਲਗਾ ਕੇ ਲੋਕਾਂ ਨੂੰ ਵੋਟਰ ਸੂਚੀਆਂ ਦੇ ਪੁਨਰਨਿਰੀਖਣ ਪ੍ਰਤੀ ਜਾਗਰੂਕ ਕੀਤਾ | ਇਸ ਦੌਰਾਨ ਵਲੰਟੀਅਰਾਂ ਨੇ ਆਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਸੰਖੇਪ ਪੁਨਰੀਖਣ ਪ੍ਰੋਗਰਾਮ ਸਬੰਧੀ ਜਾਣਕਾਰੀ ਵੀ ਦਿੱਤੀ | ਇਸ ਤੋਂ ਪਹਿਲਾਂ ਵੀ ਪ੍ਰਸ਼ਾਸਨ ਵਲੋਂ ਸ਼ਹਿਰ ‘ਚ ਕਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ | 11 ਜੂਨ ਨੂੰ ਸੈਕਟਰ 10 ਸਥਿਤ ਡੀ.ਏ.ਵੀ. ਕਾਲਜ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ | 12 ਜੂਨ ਨੂੰ ਜ਼ਾਕਿਰ ਹੁਸੈਨ ਰੋਜ਼ ਗਾਰਡਨ ‘ਚ ਜਾਗਰੂਕਤਾ ਪੈਦਲ ਯਾਤਰਾ ਅਤੇ 13 ਜੂਨ ਨੂੰ ਸੈਕਟਰ 17 ਪਲਾਜ਼ਾ ਵਿਚ ਦਸਤਖ਼ਤ ਮੁਹਿੰਮ ਚਲਾਈ ਗਈ | ਇਨ੍ਹਾਂ ਪ੍ਰੋਗਰਾਮਾਂ ਦੋਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲੈ ਕੇ ਵੋਟਰ ਸੂਚੀਆਂ ਦੇ ਪੁਨਰਨਿਰੀਖਣ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ |ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਵਿਸ਼ੇਸ਼ ਸੰਖੇਪ ਪੁਨਰਨਿਰੀਖਣ ਦਾ ਮੰਤਵ ਵੋਟਰ ਸੂਚੀਆਂ ਨੂੰ ਸਹੀ, ਸਮਾਵੇਸ਼ੀ ਅਤੇ ਅਪਡੇਟ ਬਣਾਈ ਰੱਖਣਾ ਹੈ ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ | ਇਸੇ ਉਦੇਸ਼ ਨਾਲ ਲੋਕਾਂ ਨੂੰ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ‘ਤੇ ਸੋਧ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਪ੍ਰਸ਼ਾਸਨ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 14 ਜੁਲਾਈ ਤੱਕ ਚੱਲਣ ਵਾਲੀ ਇਸ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਕ ਪਾਰਦਰਸ਼ੀ, ਸਮਾਵੇਸ਼ੀ ਅਤੇ ਮਜ਼ਬੂਤ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ |