ਵਿਧਾਇਕ ‘ਤੇ ਜਾਅਲੀ ਵੋਟਾਂ ਪਵਾਉਣ ਅਤੇ ਕੁੱਟਮਾਰ ਦੇ ਦੋਸ਼, ਜੈਤੋ ਨਗਰ ਕੌਂਸਲ ਚੋਣ ਵਿਵਾਦ ਹਾਈ ਕੋਰਟ ਪੁੱਜਿਆ
ਅਜੀਤ ਡੈਸਕ
16-06-2026
ਪਟੀਸ਼ਨਕਰਤਾਵਾਂ ਨੇ ਹਾਈ ਕੋਰਟ ਤੋਂ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕਰਵਾਉਣ, ਪੋਲਿੰਗ ਬੂਥ ਦੀ ਵੀਡੀਓਗ੍ਰਾਫ਼ੀ, ਸੀ.ਸੀ.ਟੀ.ਵੀ ਫੁਟੇਜ ਅਤੇ ਘਟਨਾ ਨਾਲ ਸਬੰਧਤ ਹੋਰ ਇਲੈਕਟ੍ਰਾਨਿਕ ਅਤੇ ਦਸਤਾਵੇਜ਼ੀ ਰਿਕਾਰਡ ਨੂੰ ਸੁਰੱਖਿਅਤ ਰੱਖਣ ਲਈ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਖ਼ਦਸ਼ਾ ਜਤਾਇਆ ਹੈ ਕਿ ਸ਼ਿਕਾਇਤ ਉਠਾਉਣ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਖ਼ਤਰਾ ਹੋ ਸਕਦਾ ਹੈ, ਇਸ ਲਈ ਸੁਰੱਖਿਆ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ ਗਈ ਹੈ | ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ, ਡੀ.ਜੀ.ਪੀ, ਐੱਸ.ਐੱਸ.ਪੀ ਫ਼ਰੀਦਕੋਟ ਅਤੇ ਹੋਰ ਸਬੰਧਤ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ | ਅਦਾਲਤ ਨੇ ਪਹਿਲੀ ਨਜ਼ਰ ਵਿਚ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਨੇਹਾ ਬਿੰਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ | ਹਾਈ ਕੋਰਟ ਨੇ ਫ਼ਰੀਦਕੋਟ ਦੇ ਐਸ.ਐਸ.ਪੀ ਨੂੰ ਨਿਰਦੇਸ਼ ਦਿੱਤਾ ਹੈ ਕਿ ਮਾਮਲੇ ‘ਚ ਹੁਣ ਤੱਕ ਕੀਤੀ ਗਈ ਜਾਂਚ ਦੀ ਵਿਸਥਾਰਤ ਸਥਿਤੀ ਰਿਪੋਰਟ ਆਉਂਦੇ ਸ਼ੁੱਕਰਵਾਰ ਤੱਕ ਅਦਾਲਤ ਅੱਗੇ ਪੇਸ਼ ਕੀਤੀ ਜਾਵੇ | ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਮਾਮਲੇ ਨਾਲ ਜੁੜੇ ਤੱਥਾਂ ਅਤੇ ਸ਼ਿਕਾਇਤਾਂ ਦੀ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ |
ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨੂੰ ਬਰਕਰਾਰ ਰੱਖਣਾ ਲੋਕਤੰਤਰੀ ਪ੍ਰਣਾਲੀ ਦੀ ਬੁਨਿਆਦੀ ਲੋੜ ਹੈ ਅਤੇ ਜੇਕਰ ਪੋਲਿੰਗ ਬੂਥ ‘ਤੇ ਕਿਸੇ ਵੀ ਤਰ੍ਹਾਂ ਦੀ ਬੇਨਿਯਮਤਾ ਜਾਂ ਦਬਾਅ ਦੀ ਸਥਿਤੀ ਪੈਦਾ ਹੋਈ ਹੈ ਤਾਂ ਉਸ ਦੀ ਡੂੰਘਾਈ ਨਾਲ ਜਾਂਚ ਹੋਣੀ ਲਾਜ਼ਮੀ ਹੈ | ਹੁਣ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਜਵਾਬ ਤੋਂ ਬਾਅਦ ਹਾਈ ਕੋਰਟ ਅਗਲੀ ਕਾਰਵਾਈ ‘ਤੇ ਵਿਚਾਰ ਕਰੇਗੀ |