ਐੱਸ. ਏ. ਐੱਸ. ਨਗਰ, 15 ਜੂਨ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡਾਂ ‘ਚ ਸ਼ੁਰੂ ਕੀਤੀ ਲੋਕ ਮਿਲਣੀ ਪ੍ਰੋਗਰਾਮਾਂ ਦੀ ਲੜੀ ਤਹਿਤ ਪਿੰਡ ਸਨੇਟਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਵਿੱਖ ‘ਚ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਲੋਕਾਂ ਨੇ ਬੇਦੀ ਨੂੰ ਦੱਸਿਆ ਕਿ ਪਿੰਡ ਸਨੇਟਾ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਵੱਡੀ ਸਮੱਸਿਆ ਬਣੀ ਹੋਈ ਹੈ। ਪਿੰਡ ‘ਚ ਕੇਵਲ ਇਕ ਟਿਊਬਵੈੱਲ ਹੋਣ ਕਾਰਨ ਕਈ ਘਰਾਂ ਤੱਕ ਪਾਣੀ ਦੀ ਸਪਲਾਈ ਨਹੀਂ ਪੁੱਜਦੀ। ਇਸ ਤੋਂ ਇਲਾਵਾ ਟੁੱਟੀਆਂ ਨਾਲੀਆਂ ਕਾਰਨ ਗੰਦਾ ਪਾਣੀ ਪੀਣ ਵਾਲੇ ਪਾਣੀ ‘ਚ ਮਿਕਸ ਹੋ ਰਿਹਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਹਾਲੀ ਦੇ ਨਾਲ ਲੱਗਦਾ ਹਾਈਵੇਅ ‘ਤੇ ਸਥਿਤ ਮਹੱਤਵਪੂਰਨ ਪਿੰਡ ਹੋਣ ਦੇ ਬਾਵਜੂਦ ਸਨੇਟਾ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਵਰਗੀ ਜ਼ਰੂਰੀ ਸਹੂਲਤ ਦਾ ਲੋਕਾਂ ਤੱਕ ਨਾ ਪੁੱਜਣਾ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪਿੰਡ ‘ਚ ਪਾਣੀ ਦੀ ਸਪਲਾਈ, ਸੀਵਰੇਜ ਪ੍ਰਬੰਧ ਅਤੇ ਸਕੂਲ ਨੂੰ ਅੱਪਗ੍ਰੇਡ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਸਨੇਟਾ ਸਮੇਤ ਇਲਾਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਲਈ ਉਹ ਧੰਨਵਾਦੀ ਹਨ ਅਤੇ ਅੱਗੇ ਵੀ ਪਿੰਡਾਂ ‘ਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪਹਿਲ ਦੇ ਆਧਾਰ ‘ਤੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਰਾਮ ਆਰਸ਼, ਰੌਸ਼ਨ ਲਾਲ, ਚਰਨਜੀਤ ਪੰਚ, ਐਡਵੋਕੇਟ ਸੌਰਵ ਕੁਮਾਰ, ਚੌਧਰੀ ਮੇਘ ਰਾਜ, ਚੌਧਰੀ ਸੱਤਪਾਲ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।