ਪੰਚਕੂਲਾ, 15 ਜੂਨ (ਕਪਿਲ)-ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਡਰੱਗ ਫ਼੍ਰੀ ਹਰਿਆਣਾ’ ਮੁਹਿੰਮ ਤਹਿਤ ਸੈਕਟਰ-5 ਸਥਿਤ ਇੰਦਰਧਨੁਸ਼ ਆਡੀਟੋਰੀਅਮ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਪਹੁੰਚੇ ਡੀ. ਆਈ. ਜੀ. ਸੁਨੀਲ ਦਲਾਲ ਨੇ ਕਿਹਾ ਕਿ ਸੂਬੇ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਈ ਗਈ ਹੈ ਅਤੇ ਭਵਿੱਖ ‘ਚ ਇਸ ਪੂਰੇ ਨੈੱਟਵਰਕ ਨੂੰ ਤਬਾਹ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰਨਾਂ ਰਾਜਾਂ ਤੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣਾ ਅਜੇ ਵੀ ਇਕ ਵੱਡੀ ਚੁਣੌਤੀ ਹੈ, ਜਿਸ ਲਈ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਦੌਰਾਨ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਡੀ. ਸੀ. ਪੀ. ਸ੍ਰਿਸ਼ਟੀ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ‘ਨਸ਼ਾ ਮੁਕਤ ਹਰਿਆਣਾ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਚਕੂਲਾ ਪੁਲਿਸ ਵਲੋਂ ਵਿਆਪਕ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਸਮਾਜ ਦੇ ਹਰ ਵਰਗ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਨਾਲ ਹੀ ਪੁਲਿਸ ਤੇ ਸਿੱਖਿਆ ਸੰਸਥਾਵਾਂ ਦੀ ਸਾਂਝ ਨਾਲ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਦਾ ਪ੍ਰਭਾਵਸ਼ਾਲੀ ਹੱਲ ਸੰਭਵ ਹੈ। ਇਸੇ ਦੌਰਾਨ ਮੁੱਖ ਬੁਲਾਰੇ ਡਾ. ਲੀਜੂ ਨੇ ਨੌਜਵਾਨਾਂ ਨੂੰ ਦੇਸ਼ ਦਾ ਸਰਮਾਇਆ ਦੱਸਦਿਆਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਮਜ਼ਬੂਤ ਰਾਸ਼ਟਰ ਦੀ ਨੀਂਹ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਨਾਲ ਹੀ ਇਨ੍ਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਡੀ. ਐਸ. ਪੀ. ਹਰਵਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਸਿਹਤਮੰਦ ਹਰਿਆਣਾ ਦੇ ਟੀਚੇ ਨੂੰ ਹਾਸਿਲ ਕੀਤਾ ਜਾ ਸਕੇ। ਅਿੰਤ ‘ਚ ਪੀ. ਆਰ. ਓ. ਆਊਟਰੀਚ ਰਾਜੀਵ ਰੰਜਨ ਨੇ ਕਿਹਾ ਕਿ ਨੌਜਵਾਨ ਖ਼ੁਦ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਲਈ ਮਿਸਾਲ ਬਣ ਸਕਦੇ ਹਨ। ਪ੍ਰੋਗਰਾਮ ਦੇ ਸਫ਼ਲ ਪ੍ਰਬੰਧਾਂ ਦੌਰਾਲ ਇੰਸਪੈਕਟਰ ਮਾਂਗੇ ਰਾਮ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਆਈ. ਟੀ. ਆਈ. ਅਤੇ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀ ਤੇ ਅਧਿਆਪਕ ਵੀ ਹਾਜ਼ਰ ਸਨ।