ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ) –ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬਾ ਭਰ ਵਿਚ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਕੁੱਲ 367 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਵਿਚ 284 ਵਿਅਕਤੀ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦੌਰਾਨ ਅਤੇ 83 ਨਸ਼ਾ ਤਸਕਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗ੍ਰਿਫ਼ਤਾਰ ਕੀਤੇ ਗਏ। ਪੰਜਾਬ ਪੁਲਿਸ ਵਲੋਂ ਜਾਰੀ ਜਾਣਕਾਰੀ ਅਨੁਸਾਰ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 146ਵੇਂ ਦਿਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਿਤ 515 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ 284 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ 6 ਹਥਿਆਰ ਵੀ ਬਰਾਮਦ ਕੀਤੇ। ਇਸ ਮੁਹਿੰਮ ਦੀ ਸ਼ੁਰੂਆਤ 20 ਜਨਵਰੀ 2026 ਨੂੰ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵਲੋਂ ਕੀਤੀ ਗਈ ਸੀ ਅਤੇ ਉਦੋਂ ਤੋਂ ਹੁਣ ਤੱਕ 37,216 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਕਾਰਵਾਈ ਦੌਰਾਨ 70 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ, ਜਦਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਇਲਾਵਾ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਰੂਪ ਵਿਚ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਪੁਲਿਸ ਦਾ ਸਹਿਯੋਗ ਕਰਨ।ਇਸੇ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 471ਵੇਂ ਦਿਨ 83 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 3.7 ਕਿਲੋਗ੍ਰਾਮ ਹੈਰੋਇਨ, 70 ਕਿਲੋਗ੍ਰਾਮ ਭੁੱਕੀ, 446 ਨਸ਼ੀਲੀਆਂ ਗੋਲੀਆਂ ਅਤੇ 2500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਮੁਹਿੰਮ ਤਹਿਤ ਹੁਣ ਤੱਕ 68,401 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਨਸ਼ਾ ਮੁਕਤੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਇਲਾਜ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੂਬੇ ਵਿਚ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਦੇ ਖਾਤਮੇ ਲਈ ਇਹ ਮੁਹਿੰਮਾਂ ਪੂਰੀ ਸਖ਼ਤੀ ਨਾਲ ਅੱਗੇ ਵੀ ਜਾਰੀ ਰਹਿਣਗੀਆਂ।