ਜ਼ੀਰਕਪੁਰ, 18 ਜੂਨ (ਹੈਪੀ ਪੰਡਵਾਲਾ)- ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬਲਟਾਣਾ ਵਿਖੇ ਸੁਖਨਾ ਚੋਅ ‘ਤੇ ਕਰੀਬ 6 ਕਰੋੜ ਰੁ. ਦੀ ਲਾਗਤ ਨਾਲ ਬਣ ਰਹੇ ਉੱਚ ਪੱਧਰੀ ਪੁਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਠੇਕੇਦਾਰ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੁਲ ਹਜ਼ਾਰਾਂ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਖਾਲਾ ਤੇ ਸੁਰੱਖਿਅਤ ਬਣਾਏਗਾ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਸੁਖਨਾ ਚੋਅ ‘ਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ਨੂੰ ਆਵਾਜਾਈ ‘ਚ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਡੇਰਾਬੱਸੀ ਹਲਕੇ ‘ਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਸਮਰਪਿਤ ਹੈ ਜਿਸ ਤਹਿਤ ਹਲਕੇ ਦੇ ਹਰ ਖੇਤਰ ‘ਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਕੌਂਸਲਰ ਗੁਰਪ੍ਰੀਤ ਸਿੰਘ ਵਿਰਕ ਅਤੇ ਕਰਮਜੀਤ ਚੌਹਾਨ ਸਮੇਤ ਹੋਰ ਆਗੂ ਵੀ ਹਾਜ਼ਰ ਸਨ।