01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਬਿਆਨ ਨੂੰ ਲੈ ਕੇ ਛਿੜੇ ਵਿਵਾਦ ਦਰਮਿਆਨ ਜਤਿੰਦਰ ਪਾਲ ਮਲਹੋਤਰਾ ਦਾ ਸਪੱਸ਼ਟੀਕਰਨ

Ad Position 21
No active advertisement
ਅਜੀਤ ਡੈਸਕ 20-06-2026
ਚੰਡੀਗੜ੍ਹ, 19 ਜੂਨ (ਸੰਦੀਪ ਕੁਮਾਰ ਮਾਹਨਾ) - ਆਪਣੇ ਇਕ ਬਿਆਨ ਨੂੰ ਲੈ ਕੇ ਛਿੜੇ ਵਿਵਾਦ ਦਰਮਿਆਨ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਕਿਸੇ ਟਿੱਪਣੀ ਕਾਰਨ ਕਿਸੇ ਵਿਅਕਤੀ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤਾਂ ਉਹ ਇਸ ਲਈ ਦਿਲੋਂ ਮੁਆਫ਼ੀ ਮੰਗਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ’ਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਸਿਆਸੀ ਲਾਹੇ ਲਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ।ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪ੍ਰੋਗਰਾਮ ਦੀ ਪੂਰੀ ਵੀਡੀਓ ਲੋਕਾਂ ਸਾਹਮਣੇ ਰੱਖਣ ਦੀ ਬਜਾਏ ਸਿਰਫ਼ ਇਕ ਛੋਟਾ ਜਿਹਾ ਹਿੱਸਾ ਕੱਟ ਕੇ ਵਾਇਰਲ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਬਿਆਨ ਦਾ ਗਲਤ ਅਰਥ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਭ ਕੁੱਝ ਖੇਤਰੀ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸਿਆਸੀ ਫ਼ਾਇਦਾ ਲੈਣ ਦੀ ਨੀਅਤ ਨਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇਕ ਪੰਜਾਬੀ ਹਨ ਅਤੇ ਅੰਮ੍ਰਿਤਸਰ ’ਚ ਪੜ੍ਹ ਲਿਖ ਕੇ ਵੱਡੇ ਹੋਏ ਹਨ। ਅੱਜ ਵੀ ਉਹ ਆਪਣੀ ਪੰਜਾਬੀ ਪਛਾਣ ’ਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ, ‘ਮੈਂ ਪੰਜਾਬੀ ਹਾਂ, ਪੰਜਾਬੀ ਹੋਣ ’ਤੇ ਮੈਨੂੰ ਮਾਣ ਹੈ ਅਤੇ ਹਮੇਸ਼ਾ ਰਹੇਗਾ।’ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ’ਤੇ ਨਿਸ਼ਾਨਾ ਸਾਧਦਿਆਂ ਮਲਹੋਤਰਾ ਨੇ ਕਿਹਾ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਉਸ ਵੇਲੇ ਸਭ ਤੋਂ ਵੱਧ ਆਹਤ ਹੋਈਆਂ ਸਨ ਜਦੋਂ ਕਾਂਗਰਸ ਦੇ ਸਮੇਂ ਪੰਜਾਬ ਦੀ ਵੰਡ ਹੋਈ, ਜਦੋਂ ਸ੍ਰੀ ਹਰਿਮੰਦਰ ਸਾਹਿਬ ’ਤੇ ਫ਼ੌਜੀ ਕਾਰਵਾਈ ਕੀਤੀ ਗਈ ਅਤੇ ਜਦੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਯਤਨ ਕੀਤੇ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਆਗੂ ਇਨ੍ਹਾਂ ਮੁੱਦਿਆਂ ’ਤੇ ਚੁੱਪ ਰਹੇ ਹਨ।ਭਾਜਪਾ ਪ੍ਰਧਾਨ ਨੇ ਕਿਹਾ ਕਿ ਉਹ ਕਿਸੇ ਵੀ ਵਰਗ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਹੱਕ ਵਿਚ ਨਹੀਂ ਹਨ ਅਤੇ ਜੇਕਰ ਉਨ੍ਹਾਂ ਦੇ ਬਿਆਨ ਕਾਰਨ ਕਿਸੇ ਨੂੰ ਦੁੱਖ ਪਹੁੰਚਿਆ ਹੈ ਤਾਂ ਉਹ ਉਸ ਲਈ ਖਿਮਾ ਚਾਹੁੰਦੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਸਿਆਸੀ ਪਾਰਟੀਆਂ ਨੂੰ ਅਸਲ ਮੁੱਦਿਆਂ ’ਤੇ ਚਰਚਾ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ’ਚ ਬਣੇਗਾ ਪੰਜਾਬ ਦਾ ਸਭ ਤੋਂ ਵੱਡਾ ਕੰਮਕਾਜੀ ਔਰਤਾਂ ਦਾ ਹੋਸਟਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਭਾਰਤੀ ਜਨਤਾ ਪਾਰਟੀ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ
Ad Position 24
No active advertisement