ਚੰਡੀਗੜ੍ਹ, 19 ਜੂਨ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਦੇ ਸੈਕਟਰ-38 ਸਥਿਤ ਮੋਟਰ ਮਾਰਕੀਟ ’ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਮਾਰਕੀਟ ਦੇ ਗੇਟ ਨੇੜੇ ਝਾੜੀਆਂ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਜਾਣਕਾਰੀ ਅਨੁਸਾਰ ਪਿਛਲੇ ਕੁੱਝ ਦਿਨਾਂ ਤੋਂ ਇਲਾਕੇ ਵਿਚ ਬਦਬੂ ਆ ਰਹੀ ਸੀ, ਪਰ ਕਿਸੇ ਨੇ ਇਸ ਵੱਲ ਖ਼ਾਸ ਧਿਆਨ ਨਹੀਂ ਦਿੱਤਾ। ਜਦੋਂ ਇਕ ਦੁਕਾਨਦਾਰ ਟਾਇਲਟ ਲਈ ਗਿਆ ਤਾਂ ਉਸ ਨੇ ਝਾੜੀਆਂ ਵਿਚ ਇਕ ਵਿਅਕਤੀ ਨੂੰ ਪਿਆ ਦੇਖਿਆ। ਨੇੜੇ ਜਾ ਕੇ ਦੇਖਣ ’ਤੇ ਉਸ ਨੂੰ ਸ਼ੱਕ ਹੋਇਆ ਕਿ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਉਸ ਨੇ ਤੁਰੰਤ ਹੋਰ ਦੁਕਾਨਦਾਰਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੀ.ਸੀ.ਆਰ ਟੀਮ ਮੌਕੇ ’ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਲੋਕਾਂ ਦੀ ਆਵਾਜਾਈ ’ਤੇ ਰੋਕ ਲਗਾ ਦਿੱਤੀ। ਇਸ ਤੋਂ ਬਾਅਦ ਸਬੰਧਿਤ ਥਾਣਾ ਪੁਲਿਸ ਅਤੇ ਫੋਰੈਂਸਿਕ ਮਾਹਿਰਾਂ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ।ਮੁੱਢਲੀ ਜਾਂਚ ਦੌਰਾਨ ਪੁਲਿਸ ਨੂੰ ਮ੍ਰਿਤਕ ਦੇ ਹੱਥ ਵਿਚੋਂ ਬੀੜੀ ਦਾ ਬੰਡਲ ਅਤੇ ਮਾਚਿਸ ਮਿਲੀ, ਜਦਕਿ ਉਸ ਦੀ ਕਮਰ ਨੇੜੇ ਇਕ ਸਿਰਿੰਜ ਵੀ ਬਰਾਮਦ ਹੋਈ ਹੈ। ਇਸ ਕਾਰਨ ਪੁਲਿਸ ਡਰੱਗ ਓਵਰਡੋਜ਼ ਦੇ ਪੱਖ ਤੋਂ ਵੀ ਜਾਂਚ ਕਰ ਰਹੀ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।ਪੁਲਿਸ ਅਨੁਸਾਰ ਲਾਸ਼ ਕਰੀਬ ਦੋ ਤੋਂ ਤਿੰਨ ਦਿਨ ਪੁਰਾਣੀ ਲੱਗ ਰਹੀ ਹੈ। ਲੰਬਾ ਸਮਾਂ ਬੀਤ ਜਾਣ ਕਾਰਨ ਮ੍ਰਿਤਕ ਦਾ ਚਿਹਰਾ ਵੀ ਕਾਫ਼ੀ ਹੱਦ ਤੱਕ ਖ਼ਰਾਬ ਹੋ ਚੁੱਕਾ ਹੈ, ਜਿਸ ਕਾਰਨ ਉਸ ਦੀ ਪਛਾਣ ਕਰਨ ਵਿਚ ਮੁਸ਼ਕਲ ਆ ਰਹੀ ਹੈ। ਫ਼ਿਲਹਾਲ ਮ੍ਰਿਤਕ ਦੀ ਪਛਾਣ ਲਈ ਆਸ-ਪਾਸ ਦੇ ਥਾਣਿਆਂ ਅਤੇ ਗੁੰਮਸ਼ੁਦਾ ਵਿਅਕਤੀਆਂ ਦੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਫੋਰੈਂਸਿਕ ਅਤੇ ਸੀ.ਐੱਫ.ਐੱਸ.ਐੱਲ ਦੀਆਂ ਟੀਮਾਂ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।