ਐੱਸ. ਏ. ਐੱਸ. ਨਗਰ, 19 ਜੂਨ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਅੱਜ ਜ਼ਿਲ੍ਹਾ ਮੁਹਾਲੀ ‘ਚ ਨੀਟ-ਯੂ. ਜੀ.-2026 ਪ੍ਰੀਖਿਆ ਦੇ ਸੰਚਾਲਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਪ੍ਰੀਖਿਆ ਦੇ ਨਿਰਪੱਖ, ਪਾਰਦਰਸ਼ੀ, ਸੁਰੱਖਿਅਤ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਪ੍ਰੀਖਿਆ ਨੂੰ ਲੈ ਕੇ ਸੀਨੀਅਰ ਪ੍ਰਸ਼ਾਸਨਿਕ, ਪੁਲਿਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ. ਸੀ. ਨੇ ਕਿਹਾ ਕਿ ਪ੍ਰੀਖਿਆ ਦੀ ਪਵਿੱਤਰਤਾ ਅਤੇ ਭਰੋਸੇਯੋਗਤਾ ਨੂੰ ਕਾਇਮ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪ੍ਰੀਖਿਆ ਕੇਂਦਰਾਂ ‘ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ 21 ਜੂਨ ਨੂੰ ਹੋਣ ਵਾਲੀ ਨੀਟ-ਯੂ. ਜੀ. ਪ੍ਰੀਖਿਆ ਲਈ ਜ਼ਿਲ੍ਹੇ ‘ਚ 8 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ‘ਚ ਸਕੂਲ ਆਫ਼ ਐਮੀਨੈਂਸ ਫੇਜ਼-11 ਮੁਹਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਮੁਹਾਲੀ, ਸਕੂਲ ਆਫ਼ ਐਮੀਨੈਂਸ ਖਰੜ, ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹੌੜਾਂ, ਪੀ. ਐਮ. ਸ੍ਰੀ ਸਰਕਾਰੀ ਹਾਈ ਸਕੂਲ ਦੇਸੂਮਾਜਰਾ, ਕੇਂਦਰੀ ਵਿਦਿਆਲਿਆ ਸੈਕਟਰ-80 ਮੁਹਾਲੀ, ਕੇਂਦਰੀ ਵਿਦਿਆਲਿਆ ਕੇ-ਏਰੀਆ ਜ਼ੀਰਕਪੁਰ ਅਤੇ ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੁਪਹਿਰ 2 ਵਜੇ ਤੋਂ ਲੈ ਕੇ ਸ਼ਾਮ ਦੇ 5.15 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆਰਥੀਆਂ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਦੇ 1.30 ਵਜੇ ਤੱਕ ਆਪੋ-ਆਪਣੇ ਪ੍ਰੀਖਿਆ ਕੇਂਦਰਾਂ ‘ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸੁਰੱਖਿਆ ਜਾਂਚ, ਦਸਤਾਵੇਜ਼ਾਂ ਦੀ ਤਸਦੀਕ ਅਤੇ ਹੋਰ ਪ੍ਰੀਖਿਆ-ਪੂਰਵ ਰਸਮਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਤੋਂ ਪਹਿਲਾਂ ਪ੍ਰੀਖਿਆ ਕੇਂਦਰਾਂ ‘ਤੇ ਪਹੁੰਚਣ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐਨ. ਟੀ. ਏ.) ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਡੀ. ਸੀ. ਨੇ ਦੱਸਿਆ ਕਿ ਪ੍ਰਸ਼ਨ-ਪੱਤਰਾਂ ਨੂੰ ਪ੍ਰਸ਼ਨ-ਪੱਤਰ ਬੈਂਕ ਤੋਂ ਪ੍ਰੀਖਿਆ ਕੇਂਦਰਾਂ ਤੱਕ ਸਖ਼ਤ ਪੁਲਿਸ ਸੁਰੱਖਿਆ ਅਤੇ ਨਿਗਰਾਨੀ ਹੇਠ ਪਹੁੰਚਾਇਆ ਜਾਵੇਗਾ। ਪ੍ਰੀਖਿਆ ਪ੍ਰਕਿਰਿਆ ਦੀ ਨਿਗਰਾਨੀ ਲਈ 8 ਅਬਜ਼ਰਵਰ ਵੀ ਨਿਯੁਕਤ ਕੀਤੇ ਗਏ ਹਨ, ਜੋ ਕਿ ਪ੍ਰੀਖਿਆ ਦੌਰਾਨ ਹਰ ਗਤੀਵਿਧੀ ‘ਤੇ ਕਰੜੀ ਨਜ਼ਰ ਰੱਖਣਗੇ। ਡੀ. ਸੀ. ਨੇ ਸਪੱਸ਼ਟ ਕੀਤਾ ਕਿ ਪ੍ਰੀਖਿਆ ਕੇਂਦਰਾਂ ਦੇ ਨੇੜੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਕੇਵਲ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਹੀ ਆਉਣ ਦੀ ਆਗਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਆਪੋ-ਆਪਣੇ ਖੇਤਰਾਂ ‘ਚ ਪ੍ਰੀਖਿਆ ਕੇਂਦਰਾਂ ‘ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਕੇਂਦਰ-ਵਾਰ ਕਾਰਜਕਾਰੀ ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਗਏ ਹਨ। ਸਾਰੇ ਪ੍ਰੀਖਿਆ ਕੇਂਦਰਾਂ ‘ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ ਤਾਂ ਜੋ ਸੁਰੱਖਿਆ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਮੁਹਾਲੀ ਅਤੇ ਡਾਇਰੈਕਟਰ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਨੂੰ ਲੋੜੀਂਦੀਆਂ ਬੱਸਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਜਨਤਕ ਆਵਾਜਾਈ ਰਾਹੀਂ ਪ੍ਰੀਖਿਆ ਕੇਂਦਰਾਂ ‘ਤੇ ਜਾਣ ਵਾਲੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ। ਡੀ. ਸੀ. ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੀਟਿੰਗ ‘ਚ ਏ. ਡੀ. ਸੀ. ਗੀਤਿਕਾ ਸਿੰਘ, ਏ. ਡੀ. ਸੀ. ਸੋਨਮ ਚੌਧਰੀ, ਐਸ. ਡੀ. ਐਮ. ਖਰੜ ਗੁਰਮੀਤ ਸਿੰਘ, ਐਸ. ਪੀ. (ਹੈੱਡਕੁਆਰਟਰ) ਮੋਹਿਤ ਅਗਰਵਾਲ, ਡੀ. ਐਸ. ਪੀ. (ਹੈੱਡਕੁਆਰਟਰ) ਵਰਿੰਦਰ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗਿੰਨੀ ਦੁੱਗਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ, ਪ੍ਰਿੰ. ਪੀ. ਐਮ. ਸ੍ਰੀ ਕੇਂਦਰੀ ਵਿਦਿਆਲਿਆ ਸੈਕਟਰ-80 ਸ੍ਰੀ ਜਗਤੇਸ਼ਵਰ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਪ੍ਰਿੰਸੀਪਲ ਹਾਜ਼ਰ ਸਨ।