ਖਰੜ, 20 ਜੂਨ (ਜੰਡਪੁਰੀ)-ਅੱਜ ਖਰੜ ਵਿਖੇ ਸੱਦੀ ਗਈ ਮੀਟਿੰਗ ਦੌਰਾਨ ਨਗਰ ਕੌਂਸਲ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਅਸ਼ੋਕ ਸ਼ਾਰਵਾਨ, ਜਨਰਲ ਸਕੱਤਰ ਰਮੇਸ਼ ਗੈਚੰਡ, ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਅਤੇ ਖਰੜ ਨਗਰ ਕੌਂਸਲ ਦੇ ਪ੍ਰਧਾਨ ਅਮਿਤ ਕੁਮਾਰ ਮੋਨੂੰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਤੋਂ ਸਫ਼ਾਈ ਸੇਵਕਾਂ ਅਤੇ ਹੋਰਨਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ 24 ਜੂਨ ਨੂੰ ਖਰੜ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਇਕ ਮਹੀਨਾ ਪਹਿਲਾਂ ਮੀਟਿੰਗ ਕੀਤੀ ਗਈ ਸੀ, ਜਿਸ ‘ਚ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ 20 ਜੂਨ ਤੱਕ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਪਰ ਮੰਗਾਂ ਸੰਬੰਧੀ ਕੋਈ ਕਾਰਵਾਈ ਨਹੀਂ ਹੋਈ, ਜਿਸ ਤੋਂ ਖ਼ਫ਼ਾ ਹੋ ਕੇ ਕੌਂਸਲ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਅਤੇ ਹੋਰਨਾਂ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਜੋ ਮੁਲਾਜ਼ਮ ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਕੰਟਰੈਕਟ ‘ਤੇ ਕੀਤਾ ਜਾਵੇ, ਸਿਵਲ ਸਰਵਿਸ ਰੂਲ ਦੇ ਆਧਾਰ ‘ਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ 21 ਫਰਵਰੀ 2023 ਨੂੰ ਜੋ ਯੋਜਨਾ ਬਣਾਈ ਸੀ, ਉਸ ਦਾ ਜਥੇਬੰਦੀ ਵਲੋਂ ਵਿਰੋਧ ਕੀਤਾ ਜਾ ਰਿਹਾ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 24 ਜੂਨ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਉਹ ਸੜਕਾਂ ਜਾਮ ਕਰਨ ਤੋਂ ਇਲਾਵਾ ਹੋਰ ਵੀ ਕਈ ਗੁਪਤ ਐਕਸ਼ਨ ਕਰ ਸਕਦੇ ਹਨ।