ਐੱਸ. ਏ. ਐੱਸ. ਨਗਰ, 22 ਜੂਨ (ਪ੍ਰੋ. ਅਵਤਾਰ ਸਿੰਘ)-ਸਥਾਨਕ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਦੀ ਵਿਵਾਦਤ ਵੀਡੀਓ ਦੇ ਮਾਮਲੇ ਦੇ ਸੰਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗਠਿਤ ਕਮੇਟੀ ਦੇ ਮੈਂਬਰਾਂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮੇਂ ਦੀ ਸਰਕਾਰ ਵਲੋਂ ਮਿਲ ਰਹੀਆਂ ਚੁਣੌਤੀਆਂ ਦਾ ਜਵਾਬ ਦੇਣ ਲਈ ਜ਼ਿਲ੍ਹਾ ਮੁਹਾਲੀ ਦੇ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੰਬੋਧਨ ਦੌਰਾਨ ਪੰਥ ਨੂੰ ਹੋਕਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਅੱਗੇ ਆਇਆ ਜਾਵੇ। ਉਨ੍ਹਾਂ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ‘ਤੇ ਵੀ ਚਾਨਣਾ ਪਾਇਆ। ਇਸ ਤੋਂ ਬਾਅਦ ਡਾ. ਦਲਜੀਤ ਸਿੰਘ ਚੀਮਾ ਨੇ ਹਾਜ਼ਰੀਨਾਂ ਨੂੰ ਮਾਮਲੇ ਦੇ ਕਾਨੂੰਨੀ ਅਤੇ ਤਕਨੀਕੀ ਪੱਖ ਤੋਂ ਜਾਣੂ ਕਰਵਾਇਆ, ਜਦਕਿ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਹਮੇਸ਼ਾ ਸੱਤਾ ਅਤੇ ਸੱਚ ਦੀ ਲੜਾਈ ਹੁੰਦੀ ਰਹੀ ਹੈ ਅਤੇ ਸੱਤਾ ਹਾਰਦੀ ਰਹੀ ਹੈ ਅਤੇ ਸੱਚ ਦੀ ਜਿੱਤ ਹੁੰਦੀ ਰਹੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਪੰਥ ਹਮੇਸ਼ਾ ਚੜ੍ਹਦੀ ਕਲਾ ‘ਚ ਰਿਹਾ ਅਤੇ ਭਵਿੱਖ ‘ਚ ਵੀ ਰਹੇਗਾ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨਾਲ ਜਿਸ ਨੇ ਵੀ ਮੱਥਾ ਲਗਾਇਆ ਹੈ, ਉਹ ਹਮੇਸ਼ਾ ਹਾਰਿਆ ਹੈ। ਇਸ ਉਪਰੰਤ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਇਹ ਸਿੱਖ ਕੌਮ ਲਈ ਇਕ ਵੱਡੀ ਚੁਣੌਤੀ ਹੈ, ਜਿਸ ਦਾ ਪੂਰੀ ਕੌਮ ਨੂੰ ਮਿਲ ਕੇ ਸਾਹਮਣਾ ਕਰਨਾ ਪਵੇਗਾ। ਇਸੇ ਦੌਰਾਨ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਵਲੋਂ ਪੰਥ ਨੂੰ ਇਕਜੁੱਟਤਾ ਦਾ ਸੰਦੇਸ਼ ਦਿੱਤਾ ਗਿਆ। ਅੰਤ ‘ਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵਲੋਂ ਜ਼ਿਲ੍ਹਾ ਮੁਹਾਲੀ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ‘ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ, ਕੌਂਸਲਰ ਤੇ ਮਹਿਲਾ ਅਕਾਲੀ ਆਗੂ ਬੀਬੀ ਕੁਲਦੀਪ ਕੌਰ ਕੰਗ, ਸਾਬਕਾ ਕੌਂਸਲਰ ਬੀਬੀ ਹਰਜਿੰਦਰ ਕੌਰ ਸੋਹਾਣਾ, ਕਰਮਜੀਤ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਜਸਪਾਲ ਸਿੰਘ, ਭਗਤ ਸਿੰਘ, ਗੁਰਪ੍ਰੀਤ ਸਿੰਘ ਕੰਧੋਲਾ, ਗੁਰਨਾਮ ਸਿੰਘ, ਸੇਵਾ ਸਿੰਘ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾਰੂ, ਬਲਵਿੰਦਰ ਸਿੰਘ, ਹਰਬੰਸ ਸਿੰਘ, ਅਮਰਜੀਤ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਰਜਿੰਦਰ ਸਿੰਘ, ਗੋਪਾਲ ਸਿੰਘ, ਪ੍ਰੇਮ ਸਿੰਘ, ਬੇਅੰਤ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ, ਕਰਮਜੀਤ ਸਿੰਘ, ਜਰਨੈਲ ਸਿੰਘ, ਬਲਕਾਰ ਸਿੰਘ, ਤਾਰਾ ਸਿੰਘ, ਦਰਸ਼ਨ ਸਿੰਘ ਤੇ ਜਸਵੀਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।