ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ) :‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 547 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 155ਵੇਂ ਦਿਨ, ਪੁਲਿਸ ਟੀਮਾਂ ਨੇ 343 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 40,021 ਹੋਈਆਂ ਹਨ। ਇਸ ਤੋਂ ਇਲਾਵਾ, 180 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 480ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 337 ਗ੍ਰਾਮ ਹੈਰੋਇਨ, 378 ਨਸ਼ੀਲੀਆਂ ਗੋਲੀਆਂ ਅਤੇ 10,120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਮਹਿਜ਼ 480 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 69,655 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।