ਐੱਸ. ਏ. ਐੱਸ. ਨਗਰ, 29 ਜੂਨ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਬੇਅਦਬੀ ਰੋਕੂ ਐਕਟ (ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ) ਬਣਾਉਣ ਦੇ ਮੁੱਦੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਕੈਬਨਿਟ ਤੇ ਸਮੂਹ ਸਿੱਖ ਵਿਧਾਇਕਾਂ ਨੂੰ ਤਲਬ ਕਰਨ ਤੋਂ ਬਾਅਦ ਮੁੱਖ ਮੰਤਰੀ ਵਲੋਂ ਅਪਣਾਏ ਜਾ ਰਹੇ ਰਵੱਈਏ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਂਝੇ ਤੌਰ ‘ਤੇ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਰਵਿੰਦਰ ਸਿੰਘ ਸੋਹਾਣਾ ਵਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਰੋਸ ਪ੍ਰਦਰਸ਼ਨ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ, ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਅਹਿਮ ਮੀਟਿੰਗ ਸੱਦੀ ਗਈ, ਜਿਸ ਦੌਰਾਨ ਸਰਕਾਰ ਵਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਕੀਤੀ ਜਾ ਰਹੀ ਸਿੱਧੀ ਦਖ਼ਲਅੰਦਾਜ਼ੀ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ। ਮੀਟਿੰਗ ਉਪਰੰਤ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਸਮੂਹ ਆਗੂਆਂ ਅਤੇ ਸੰਗਤਾਂ ਨੇ ਹੱਥਾਂ ‘ਚ ਪੋਸਟਰ ਫੜ੍ਹ ਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਸਰਕਾਰ ਦੇ ਰਵੱਈਏ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਲਬ ਕੀਤੇ ਜਾਣ ਦੇ ਬਾਵਜੂਦ ਮੁੱਖ ਮੰਤਰੀ ਵਲੋਂ ਅਪਣਾਇਆ ਗਿਆ ਰਵੱਈਆ ਸਿੱਖ ਪੰਥ ਦੀ ਸਰਵਉੱਚ ਸੰਸਥਾ ਦਾ ਅਪਮਾਨ ਹੈ। ਇਸ ਮੌਕੇ ਹਾਜ਼ਰ ਪੰਥਕ ਨੁਮਾਇੰਦਿਆਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਮਾਨਸਿਕਤਾ ਦਿਖਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਨਵ-ਨਿਯੁਕਤ ਅਬਜ਼ਰਵਰ ਸਾਧੂ ਸਿੰਘ ਖਲੌਰ ਨੇ ਮੀਟਿੰਗ ‘ਚ ਪਹੁੰਚੇ ਹਲਕਾ ਮੁਹਾਲੀ ਦੇ ਸਮੁੱਚੇ ਪਹਿਲੀ ਕਤਾਰ ਦੇ ਆਗੂਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਹਲਕੇ ‘ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਸੁਖਵਿੰਦਰ ਸਿੰਘ ਛਿੰਦੀ ਪ੍ਰਧਾਨ ਟਰਾਂਸਪੋਰਟ ਵਿੰਗ ਪੰਜਾਬ, ਸਰਬਜੀਤ ਸਿੰਘ ਪਾਰਸ, ਮਨਜੀਤ ਸਿੰਘ ਮਾਨ, ਭੁਪਿੰਦਰ ਕੌਰ ਗੋਸਲ, ਪ੍ਰਦੀਪ ਭਾਰਜ, ਸਤਿੰਦਰ ਸਿੰਘ ਗਿੱਲ, ਕਰਨ ਸਿੰਘ ਭੰਮਰਾ, ਹਰਜੀਤ ਸਿੰਘ, ਬਲਵਿੰਦਰ ਸਿੰਘ ਲਖਨੌਰ, ਸੁਖਵੀਰ ਸਿੰਘ, ਹਰਮਨਪ੍ਰੀਤ ਸਿੰਘ ਪ੍ਰਿੰਸ, ਜਸਵਿੰਦਰ ਸਿੰਘ ਜੱਸੀ ਬਨੂੰੜ, ਹੈਪੀ ਸਨੇਟਾ, ਹਰਵਿੰਦਰ ਸਿੰਘ, ਬਹਾਦਰ ਸਿੰਘ ਸਰਪੰਚ, ਸੁਖਬੀਰ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ ਕੁਰੜਾ, ਮਨਿੰਦਰ ਸਿੰਘ ਬਿੱਟੂ, ਬਿਕਰਮ ਸਿੰਘ ਗੀਗੇਮਾਜਰਾ, ਜਰਨੈਲ ਸਿੰਘ ਬਲੌਂਗੀ, ਰੁਪਿੰਦਰ ਕੌਰ ਧੜਾਕ, ਰਾਜਪ੍ਰੀਤ ਕੌਰ ਗਿੱਲ, ਸੁਖਦਰਸ਼ਨ ਸਿੰਘ ਕਾਕਾ, ਗੁਰਦੀਪ ਸਿੰਘ, ਮਨਮੋਹਨ ਸਿੰਘ ਕਾਹਲੋਂ, ਹਰਪਾਲ ਸਿੰਘ ਬਠਲਾਣਾ, ਪ੍ਰੀਤਮ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ ਚੁੱਘ, ਅਵਤਾਰ ਸਿੰਘ ਗੋਸਲ ਅਤੇ ਸੁਰਮੁੱਖ ਸਿੰਘ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ।