05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

3 ਅਦਾਲਤਾਂ ਵਲੋਂ ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਮੁਲਜ਼ਮ ਗ੍ਰਿਫ਼ਤਾਰ ਕਿਉਂ ਨਹੀਂ ?- ਹਾਈ ਕੋਰਟ

Ad Position 21
No active advertisement
ਅਜੀਤ ਡੈਸਕ 01-07-2026
ਚੰਡੀਗੜ੍ਹ, 30 ਜੂਨ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ਵਿਚ ਮੁਲਜ਼ਮ ਦੀ ਗ੍ਰਿਫ਼ਤਾਰੀ ’ਚ ਹੋ ਰਹੀ ਦੇਰੀ ’ਤੇ ਸਖ਼ਤ ਟਿੱਪਣੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਮੁਲਜ਼ਮ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੈਸ਼ਨ ਅਦਾਲਤ, ਹਾਈ ਕੋਰਟ ਅਤੇ ਆਖ਼ਰਕਾਰ ਸੁਪਰੀਮ ਕੋਰਟ ਵਲੋਂ ਵੀ ਰੱਦ ਕੀਤੀ ਜਾ ਚੁੱਕੀ ਹੈ ਤਾਂ ਉਹ ਅਜੇ ਤੱਕ ਜਾਂਚ ਏਜੰਸੀ ਦੀ ਗ੍ਰਿਫ਼ਤ ਤੋਂ ਬਾਹਰ ਕਿਵੇਂ ਹੈ? ਅਦਾਲਤ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਅਧਿਕਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਜਸਟਿਸ ਦੀਪਕ ਗੁਪਤਾ ਨੇ ਮੁਲਜ਼ਮ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 50 ਹਜ਼ਾਰ ਰੁਪਏ ਜੁਰਮਾਨੇ ਸਮੇਤ ਖ਼ਾਰਜ ਕਰ ਦਿੱਤੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਿਰਫ਼ ਜਾਂਚ ਮੁਕੰਮਲ ਹੋ ਜਾਣ ਅਤੇ ਚਲਾਨ ਪੇਸ਼ ਹੋ ਜਾਣ ਨੂੰ ਅਜਿਹਾ ਮਹੱਤਵਪੂਰਨ ਹਾਲਾਤੀ ਬਦਲਾਅ ਨਹੀਂ ਮੰਨਿਆ ਜਾ ਸਕਦਾ, ਜਿਸ ਦੇ ਆਧਾਰ ’ਤੇ ਪਹਿਲਾਂ ਰੱਦ ਹੋ ਚੁੱਕੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਮੁੜ ਵਿਚਾਰ ਕੀਤਾ ਜਾਵੇ। ਮਾਮਲਾ 30 ਨਵੰਬਰ 2024 ਨੂੰ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ’ਚ ਦਰਜ ਐਫ਼.ਆਈ.ਆਰ. ਨਾਲ ਸਬੰਧਿਤ ਹੈ। ਮੁਲਜ਼ਮ ਖ਼ਿਲਾਫ਼ ਧੋਖਾਧੜੀ, ਜਬਰਨ ਵਸੂਲੀ, ਜਾਅਲਸਾਜ਼ੀ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਦੀ ਪਹਿਲੀ ਅਗਾਊਂ ਜ਼ਮਾਨਤ ਅਰਜ਼ੀ ਦਸੰਬਰ 2024 ਵਿਚ ਸੈਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਜਨਵਰੀ 2025 ਵਿਚ ਹਾਈ ਕੋਰਟ ਨੇ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਬਾਅਦ ਵਿਚ ਸੁਪਰੀਮ ਕੋਰਟ ਨੇ ਵੀ ਉਸ ਦੀ ਵਿਸ਼ੇਸ਼ ਇਜਾਜ਼ਤ ਪਟੀਸ਼ਨ ਖ਼ਾਰਜ ਕਰ ਦਿੱਤੀ। ਇਸ ਦੇ ਬਾਵਜੂਦ ਮੁਲਜ਼ਮ ਅਜੇ ਤੱਕ ਗ੍ਰਿਫ਼ਤਾਰ ਨਹੀਂ ਹੋ ਸਕਿਆ। ਹਾਈ ਕੋਰਟ ਨੇ ਕਿਹਾ ਕਿ ਐਫ਼.ਆਈ.ਆਰ. ਦਰਜ ਹੋਏ ਡੇਢ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਜਾਂਚ ਏਜੰਸੀ ਇਹ ਤਸੱਲੀਬਖ਼ਸ਼ ਢੰਗ ਨਾਲ ਨਹੀਂ ਦੱਸ ਸਕੀ ਕਿ ਜੇਕਰ ਮੁਲਜ਼ਮ ਦੀ ਗ੍ਰਿਫ਼ਤਾਰੀ ਜਾਂ ਹਿਰਾਸਤੀ ਪੁੱਛਗਿੱਛ ਲੋੜੀਂਦੀ ਸੀ ਤਾਂ ਉਸ ਨੂੰ ਹੁਣ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਅਦਾਲਤ ਨੇ ਟਿੱਪਣੀ ਕੀਤੀ ਕਿ ਇਹ ਸਥਿਤੀ ਜਾਂਚ ਏਜੰਸੀ ਦੀ ਕਾਰਜਪ੍ਰਣਾਲੀ ਅਤੇ ਮੁਲਜ਼ਮ ਨੂੰ ਕਾਬੂ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਭਾਵਸ਼ੀਲਤਾ ’ਤੇ ਪਹਿਲੀ ਨਜ਼ਰ ’ਚ ਗੰਭੀਰ ਸਵਾਲ ਖੜ੍ਹੇ ਕਰਦੀ ਹੈ।ਅਦਾਲਤ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਮਾਮਲੇ ਦੀ ਜਾਂਚ ਕਰਕੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਅਦਾਲਤਾਂ ਦੇ ਹੁਕਮਾਂ ਦੀ ਅਸਲ ਭਾਵਨਾ ਅਨੁਸਾਰ ਪਾਲਣਾ ਹੋਵੇ। ਜੇਕਰ ਕਿਸੇ ਪੱਧਰ ’ਤੇ ਕੋਈ ਚੂਕ ਜਾਂ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਉਸ ਲਈ ਲੋੜੀਂਦੇ ਸੁਧਾਰਾਤਮਕ ਕਦਮ ਚੁੱਕੇ ਜਾਣ ਤਾਂ ਜੋ ਨਿਆਂ ਪ੍ਰਣਾਲੀ ’ਤੇ ਲੋਕਾਂ ਦਾ ਭਰੋਸਾ ਬਣਿਆ ਰਹੇ। ਇਸ ਦੇ ਨਾਲ ਹੀ ਹਾਈ ਕੋਰਟ ਨੇ ਬਿਨਾਂ ਕਿਸੇ ਅਸਲ ਹਾਲਾਤੀ ਬਦਲਾਅ ਦੇ ਵਾਰ-ਵਾਰ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਦਾਇਰ ਕਰਨ ਦੀ ਵਧ ਰਹੀ ਰਵਾਇਤ ’ਤੇ ਵੀ ਨਾਰਾਜ਼ਗੀ ਜਤਾਈ। ਅਦਾਲਤ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਅਰਜ਼ੀਆਂ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਹਨ ਅਤੇ ਇਨ੍ਹਾਂ ਕਾਰਨ ਅਦਾਲਤ ਦਾ ਕੀਮਤੀ ਸਮਾਂ ਬੇਲੋੜੇ ਢੰਗ ਨਾਲ ਬਰਬਾਦ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁਬਾਰਿਕਪੁਰ ਵਿਖੇ ਜੇ. ਸੀ. ਬੀ. ਚਾਲਕ ਦੀ ਸ਼ੱਕੀ ਹਾਲਾਤ ’ਚ ਮੌਤ ਅਗਲੀ ਖ਼ਬਰ ਸਵੱਛਤਾ ਦੂਤ ਇੰਦਰਜੀਤ ਸਿੰਘ ਸਿੱਧੂ ਨੂੰ ਪਦਮ ਸ੍ਰੀ ਮਿਲਣ ’ਤੇ ਚੰਡੀਗੜ੍ਹ ਵਾਸੀਆਂ ਕੀਤਾ ਸਨਮਾਨਿਤ
Ad Position 24
No active advertisement