ਚੰਡੀਗੜ੍ਹ, 30 ਜੂਨ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਹਾ ਕਿ ਪ੍ਰਦੇਸ਼ ਦੇ ਸਾਰੇ ਸ਼ਹਿਰਾਂ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਬਣਾਇਆ ਜਾਵੇਗਾ ਜਿੱਥੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਤਰਜੀਹ ਦੇ ਆਧਾਰ ‘ਤੇ ਮਿਲਣਗੀਆਂ ਅਤੇ ਕਿਸੇ ਵੀ ਕਿਸਮ ਦੀ ਸਮੱਸਿਆ ਦੇ ਹੱਲ ਲਈ ਕਿਤੇ ਜਾਣ ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਇਹ ਗੱਲ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ- 2047 ਤਹਿਤ ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਕਹੀ। ਉਨ੍ਹਾਂ ਨੇ ਵਿਭਾਗ ਨਾਲ ਸਬੰਧਤ ਮੁੱਖ ਮੰਤਰੀ ਦੇ ਐਲਾਨਾਂ, ਬਜਟ ਐਲਾਨਾਂ ਅਤੇ ਸੰਕਲਪ ਪੱਤਰ ਦੇ ਕੰਮਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਇਨ੍ਹਾਂ ਦੇ ਸਬੰਧ ਵਿੱਚ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਨਾਇਬ ਸਿੰਘ ਸੈਣੀ ਨੇ ਕਹਾ ਕਿ ਵਿਕਸਤ ਭਾਰਤ 2047 ਦੇ ਟੀਚੇ ਨੂੰ ਪੂਰਾ ਕਰਨ ਲਈ ਹਰਿਆਣਾ ਦੇ ਸ਼ਹਿਰਾਂ ਨੂੰ ਅਗਲੇ 5 ਸਾਲਾਂ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਪਹੁੰਚਾਇਆ ਜਾਵੇਗਾ। ਇਸ ਦੇ ਲਈ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਪਾਇਲਟ ਪ੍ਰੋਜੈਕਟ ਤਹਿਤ 24 ਘੰਟੇ ਪੀਣ ਵਾਲੇ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ, ਸ਼ਹਿਰੀ ਖੇਤਰਾਂ ਵਿੱਚ ਯੋਜਨਾਵਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਬਹੁ-ਭਾਸ਼ਾਈ ਟੱਚ ਸਕ੍ਰੀਨਾਂ ਲਗਾਈਆਂ ਜਾਣਗੀਆਂ, ਸ਼ਹਿਰੀ ਖੇਤਰਾਂ ਵਿੱਚ ਮੁਫ਼ਤ ਵਾਈ-ਫਾਈ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਲਈ ਉਨ੍ਹਾਂ ਨੇ ਜਲਦੀ ਹੀ ਟੈਂਡਰ ਆਦਿ ਕਰਕੇ ਅਗਲੇਰੀ ਕਾਰਵਾਈ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਕਹਾ ਕਿ ਸ਼ਹਿਰ ਨਿਵਾਸੀਆਂ ਲਈ ‘ਏਕੀਕ੍ਰਿਤ ਸੁਪਰ ਐਪ’ ਵਿਕਸਤ ਕੀਤਾ ਜਾ ਰਿਹਾ ਹੈ। ਇਸ ਨੂੰ ਪ੍ਰਾਪਰਟੀ ਆਈਡੀ ਨਾਲ ਲਿੰਕ ਕੀਤਾ ਜਾਵੇਗਾ। ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਵਿੱਚ ਇੰਸਟਾਲ ਕਰਕੇ ਨਾ ਸਿਰਫ਼ ਪ੍ਰਾਪਰਟੀ ਟੈਕਸ ਅਤੇ ਪਾਣੀ ਦੇ ਬਿੱਲਾਂ ਦੀ ਅਦਾਇਗੀ ਕਰ ਸਕੇਗਾ ਬਲਕਿ ਨਗਰ ਨਿਕਾਏ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਵੀ ਕਰਵਾ ਸਕੇਗਾ। ਇਸ ਦੇ ਮਾਧਿਅਮ ਰਾਹੀਂ ਸੀਨੀਅਰ ਨਾਗਰਿਕਾਂ ਨੂੰ ਵੀ ਬਿਹਤਰ ਸਹੂਲਤਾਂ ਉਪਲਬਧ ਹੋ ਸਕਣਗੀਆਂ। ਨਾਗਰਿਕ ਨੂੰ ਇਸ ਐਪ ਰਾਹੀਂ ਹੋਰ ਵਿਭਾਗਾਂ ਦੀਆਂ ਸੇਵਾਵਾਂ ਦੇ ਲਿੰਕ ਵੀ ਉਪਲਬਧ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਜ਼ਮੀਨਦੋਜ਼ ਪਾਣੀ ਦੇ ਪੱਧਰ ਵਿੱਚ ਸੁਧਾਰ ਲਈ ਬਰਸਾਤੀ ਪਾਣੀ ਨੂੰ ਜ਼ਮੀਨ ਦੇ ਅੰਦਰ ਭੇਜਣ ਲਈ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਗਾਏ ਜਾਣ। ਸਾਰੇ ਸਰਕਾਰੀ ਭਵਨਾਂ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਵਿਚ 250 ਗਜ਼ ਤੋਂ ਵੱਧ ਦੇ ਮਕਾਨਾਂ ਵਿੱਚ ਰੇਨ ਵਾਟਰ ਹਾਰਵੈਸਟਿੰਗ ਦੀ ਸਥਾਪਨਾ ਲਾਜ਼ਮੀ ਤੌਰ ‘ਤੇ ਯਕੀਨੀ ਬਣਾਈ ਜਾਵੇ। ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਗੁਰੂਗ੍ਰਾਮ ਵਿੱਚ 120 ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਗਾਏ ਗਏ ਹਨ। ਇਸ ਦੇ ਨਾਲ ਹੀ 50 ਨਗਰ ਨਿਕਾਇਆਂ ਵਿੱਚ 300 ਨਵੇਂ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਵੀ ਜਲਦੀ ਹੀ ਲਗਾਏ ਜਾਣਗੇ। ਮੁੱਖ ਮੰਤਰੀ ਨੇ ਕਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮਾਨਸੂਨ ਦੇ ਸਮੇਂ ਵੱਧ ਪਾਣੀ ਭਰਨਾ ਹੁੰਦਾ ਹੈ, ਉੱਥੇ ਵੱਡੇ ਪੱਧਰ ‘ਤੇ ਵਾਟਰ ਹਾਰਵੈਸਟਿੰਗ ਸਿਸਟਮ ਸਥਾਪਤ ਕਰਵਾਏ ਜਾਣ। ਨਾਇਬ ਸਿੰਘ ਸੈਣੀ ਨੇ ਕਹਾ ਕਿ ਮਾਨਸੂਨ ਸੀਜ਼ਨ ਦੌਰਾਨ ਸ਼ਹਿਰੀ ਸਥਾਨਕ ਨਿਕਾਏ ਵਿਭਾਗ ਵੱਲੋਂ ਸ਼ਹਿਰੀ ਖੇਤਰਾਂ ਵਿੱਚ ‘ਇੱਕ ਪੇੜ-ਮਾਂ ਕੇ ਨਾਮ’ ਯੋਜਨਾ ਤਹਿਤ ਇੱਕ ਲੱਖ ਪੌਦੇ ਲਗਾਏ ਜਾਣ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਟ੍ਰੀ-ਗਾਰਡ ਅਤੇ ਪਾਣੀ ਆਦਿ ਦੇਣ ਲਈ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ। ਇਸ ਤਹਿਤ 20 ਹਜ਼ਾਰ ਰੁੱਖ ਇਕੱਲੇ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਲਗਾਏ ਜਾਣਗੇ। ਉਨ੍ਹਾਂ ਨੇ ਸ਼ਹਿਰੀ ਖੇਤਰਾਂ ਵਿੱਚ ਕੰਧਾਂ ‘ਤੇ ਪੇਂਟਿੰਗ ਕਰਵਾਉਣ, ਸੁੰਦਰੀਕਰਨ ਕਰਵਾਉਣ, ਗ੍ਰੀਨ ਬੈਲਟ ਵਿਕਸਤ ਕਰਨ, ਰੁੱਖਾਂ ਦੀਆਂ ਟਾਹਣੀਆਂ ਦੀ ਟ੍ਰਿਮਿੰਗ ਕਰਵਾਉਣ ਅਤੇ ਫੁੱਟਪਾਥ ਦੇ ਨਾਲ ਖਾਲੀ ਜ਼ਮੀਨ ‘ਤੇ ਟਾਈਲਾਂ ਲਗਾਉਣ ਦੇ ਸਬੰਧ ਵਿੱਚ ਵਿਸਤਾਰ ਨਾਲ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਅਮਨੀਤ ਪੀ ਕੁਮਾਰ, ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਸ਼ੋਕ ਕੁਮਾਰ ਮੀਨਾ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ.ਅਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।