05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸਾਬਕਾ ਮੰਤਰੀ ਸਿੱਧੂ ਨੇ ਖੇਤਾਂ ਤੱਕ ਬਿਜਲੀ ਅਤੇ ਨਹਿਰੀ ਪਾਣੀ ਨਾ ਪੁੱਜਣ ਦੇ ਮੁੱਦੇ ’ਤੇ ਘੇਰੀ ਸੂਬਾ ਸਰਕਾਰ

Ad Position 21
No active advertisement
ਅਜੀਤ ਡੈਸਕ 01-07-2026
ਐੱਸ. ਏ. ਐੱਸ. ਨਗਰ, 30 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬੇ ‘ਚ ਪੈਦਾ ਹੋਏ ਗੰਭੀਰ ਬਿਜਲੀ ਅਤੇ ਸਿੰਚਾਈ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਾਕਾਮ ਪ੍ਰਸ਼ਾਸਨ ਨੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੇਹੱਦ ਮੁਸ਼ਕਿਲ ਹਾਲਾਤਾਂ ‘ਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਦੇ ਸਭ ਤੋਂ ਅਹਿਮ ਸਮੇਂ ਦੌਰਾਨ ਨਾ ਤਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚ ਰਿਹਾ ਹੈ ਅਤੇ ਨਾ ਹੀ ਲੋੜੀਂਦੀ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਸੁੱਕਣ ਦੇ ਕਿਨਾਰੇ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਰ-ਵਾਰ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਨਹਿਰਾਂ ਦਾ ਪਾਣੀ ਟੇਲਾਂ ਰਾਹੀਂ ਸੂਬੇ ਦੇ ਆਖ਼ਰੀ ਸਿਰੇ ਤੱਕ ਪਹੁੰਚਾ ਦਿੱਤਾ ਗਿਆ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁੱਲ ਉਲਟ ਹੈ। ਉਨ੍ਹਾਂ ਕਿਹਾ ਕਿ ਅੱਜ ਟੇਲਾਂ ਅਤੇ ਸੂਏ ਸੁੱਕੇ ਪਏ ਹਨ ਅਤੇ ਕਿਸਾਨ ਪਾਣੀ ਦੀ ਇਕ-ਇਕ ਬੂੰਦ ਲਈ ਤਰਸ ਰਹੇ ਹਨ ਅਤੇ ਝੋਨੇ ਦੀ ਲੁਆਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜ਼ਬੂਰ ਹਨ, ਪਰ ਉਨ੍ਹਾਂ ਦੀ ਕਿਧਰੇ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰੇ ਦਾਅਵੇ ਸਿਰਫ਼ ਇਸ਼ਤਿਹਾਰਾਂ ਅਤੇ ਕਾਗਜ਼ਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਏ ਹਨ। ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਅੱਜ ਪੂਰੇ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ‘ਚ ਬਿਜਲੀ ਦੇ ਕਈ-ਕਈ ਘੰਟਿਆਂ ਦੇ ਅਣਐਲਾਨੇ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਮੀ ਦਾ ਸਭ ਤੋਂ ਵੱਡਾ ਖ਼ਮਿਆਜ਼ਾ ਪੰਜਾਬ ਦਾ ਅੰਨਦਾਤਾ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਮਿਹਨਤ ਨਾਲ ਪਾਲੀ ਝੋਨੇ ਦੀ ਫ਼ਸਲ ਨੂੰ ਸੁੱਕਣ ਤੋਂ ਬਚਾਉਣ ਲਈ ਕਿਸਾਨ ਦਿਨ-ਰਾਤ ਖੇਤਾਂ ‘ਚ ਜਨਰੇਟਰ ਚਲਾਉਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਅਸਲ ‘ਚ ਮਾਨ ਸਰਕਾਰ ਦੇ ਰਾਜ ‘ਚ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਸ਼ਹਿਰਾਂ ਦੇ ਵਪਾਰੀ, ਦੁਕਾਨਦਾਰ, ਉਦਯੋਗਪਤੀ ਅਤੇ ਆਮ ਨਾਗਰਿਕ ਵੀ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ। ਅੱਤ ਦੀ ਗਰਮੀ ‘ਚ ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਉਦਯੋਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਛੋਟੇ ਕਾਰੋਬਾਰ ਠੱਪ ਪਏ ਹਨ, ਹਸਪਤਾਲਾਂ ‘ਚ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ ਅਤੇ ਘਰਾਂ ‘ਚ ਬੱਚੇ, ਔਰਤਾਂ ਅਤੇ ਬਜ਼ੁਰਗ ਬੇਹਾਲ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਲੋਕਾਂ ਤੋਂ ਟੈਕਸ ਦੇ ਰੂਪ ‘ਚ ਇਕੱਤਰ ਕੀਤੇ ਕਰੋੜਾਂ ਰੁ. ਦੂਜੇ ਸੂਬਿਆਂ ‘ਚ ਚੋਣ ਪ੍ਰਚਾਰ ਅਤੇ ਸਰਕਾਰੀ ਇਸ਼ਤਿਹਾਰਾਂ ‘ਤੇ ਖ਼ਰਚੇ ਜਾ ਰਹੇ ਹਨ, ਜਦਕਿ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਵਿਭਾਗ ਤੁਰੰਤ ਸਾਰੇ ਅਣਐਲਾਨੇ ਬਿਜਲੀ ਕੱਟ ਬੰਦ ਕਰੇ ਅਤੇ ਖੇਤੀਬਾੜੀ ਅਤੇ ਘਰੇਲੂ ਵਰਤੋਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਨਹਿਰੀ ਵਿਭਾਗ ਨੂੰ ਹਦਾਇਤ ਦਿੱਤੀ ਜਾਵੇ ਕਿ ਟੇਲਾਂ ਤੱਕ ਤੁਰੰਤ ਪਾਣੀ ਪਹੁੰਚਾਇਆ ਜਾਵੇ ਤਾਂ ਜੋ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਬਚਾਇਆ ਜਾ ਸਕੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਸਥਿਤੀ ‘ਚ ਸੁਧਾਰ ਨਾ ਆਇਆ ਤਾਂ ਪੰਜਾਬ ਕਾਂਗਰਸ ਸੂਬੇ ਭਰ ‘ਚ ਸੜਕਾਂ ‘ਤੇ ਉਤਰੇਗੀ ਅਤੇ ਬਿਜਲੀ ਗਰਿੱਡਾਂ, ਨਹਿਰੀ ਵਿਭਾਗ ਦੇ ਦਫ਼ਤਰਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦਾ ਘਿਰਾਓ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਗੁਰਸੇਵਕ ਸਿੰਘ ਪੁਆਧੀ ਹਲਕਾ ਡੇਰਾਬੱਸੀ ਦੇ ‘ਆਪ’ ਸੰਗਠਨ ਇੰਚਾਰਜ ਨਿਯੁਕਤ
Ad Position 24
No active advertisement