ਚੰਡੀਗੜ੍ਹ, 1 ਜੁਲਾਈ (ਸੰਦੀਪ ਕੁਮਾਰ ਮਾਹਨਾ)-ਫਾਰੂਕਾਬਾਦ (ਪਾਕਿਸਤਾਨ) ਵਿਖੇ ਸਥਿਤ ਕਰੀਬ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਦੇ ਇਕ ਹਿੱਸੇ ਨੂੰ ਕਥਿਤ ਤੌਰ ‘ਤੇ ਢਾਹੇ ਜਾਣ ਦੀ ਘਟਨਾ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਨਾਰਾਜ਼ਗੀ ਜਤਾਉਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ।ਢਿੱਲੋਂ ਨੇ ਕਿਹਾ ਕਿ ਉਕਤ ਇਮਾਰਤ ਨੂੰ ਪਾਕਿਸਤਾਨ ਸਰਕਾਰ ਵਲੋਂ ਪਹਿਲਾਂ ਹੀ ਇਤਿਹਾਸਕ ਸਮਾਰਕ ਦਾ ਦਰਜਾ ਦਿੱਤਾ ਗਿਆ ਹੋਇਆ ਹੈ ਅਤੇ ਇਸ ਨੂੰ ਢਾਹੁਣ ‘ਤੇ ਪਾਬੰਦੀ ਵੀ ਹੈ। ਇਸ ਦੇ ਬਾਵਜੂਦ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਇਮਾਰਤ ਨੂੰ ਨੁਕਸਾਨ ਪਹੁੰਚਣਾ ਬੇਹੱਦ ਮੰਦਭਾਗਾ ਹੈ ਅਤੇ ਇਹ ਸਿੱਖ ਵਿਰਾਸਤ ਪ੍ਰਤੀ ਲਾਪਰਵਾਹੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ‘ਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਢਿੱਲੋਂ ਨੇ ਦੋਸ਼ ਲਾਇਆ ਕਿ ਪਾਕਿਸਤਾਨੀ ਪੰਜਾਬ ‘ਚ ਸਿੱਖਾਂ ‘ਤੇ ਹਮਲਿਆਂ ਅਤੇ ਤਸ਼ੱਦਦ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਇਕ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਉਨ੍ਹਾਂ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬਾਨ ‘ਤੇ ਹਮਲਿਆਂ ਦੀਆਂ ਖ਼ਬਰਾਂ ਵੀ ਸਮੇਂ-ਸਮੇਂ ‘ਤੇ ਸਾਹਮਣੇ ਆ ਰਹੀਆਂ ਹਨ, ਜੋ ਬੇਹੱਦ ਚਿੰਤਾਜਨਕ ਹਨ। ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲਵੇ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਹੋਰ ਨੁਕਸਾਨ ਪਹੁੰਚਣ ਤੋਂ ਤੁਰੰਤ ਰੋਕੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਭਾਈਚਾਰਾ ਘੱਟ-ਗਿਣਤੀ ਵਿੱਚ ਹੈ, ਇਸ ਲਈ ਉਨ੍ਹਾਂ ਦੇ ਬੁਨਿਆਦੀ ਹੱਕਾਂ, ਜਾਨ-ਮਾਲ ਦੀ ਸੁਰੱਖਿਆ ਅਤੇ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਵਿਰਾਸਤੀ ਅਸਥਾਨਾਂ ਦੀ ਹਰ ਹਾਲ ਵਿਚ ਰਾਖੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੁਰੱਖਿਆ ਸਿਰਫ਼ ਪਾਕਿਸਤਾਨ ਹੀ ਨਹੀਂ, ਸਗੋਂ ਪੂਰੇ ਅੰਤਰਰਾਸ਼ਟਰੀ ਭਾਈਚਾਰੇ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ।