ਚੰਡੀਗੜ੍ਹ, 3 ਜੁਲਾਈ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 164ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 534 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 164ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 43,127 ਹੋ ਗਈਆਂ। ਇਸ ਤੋਂ ਇਲਾਵਾ 206 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 489ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 187 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 2.1 ਕਿਲੋ ਹੈਰੋਇਨ, 712 ਨਸ਼ੀਲੀਆਂ ਗੋਲੀਆਂ ਅਤੇ 22,900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ਼ 489 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71,538 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।