ਚੰਡੀਗੜ੍ਹ, 3 ਜੁਲਾਈ (ਸੰਦੀਪ ਕੁਮਾਰ ਮਾਹਨਾ)– ਪੰਜਾਬ ਦੀ ਸਿਆਸਤ ’ਚ ਪਾਰਟੀ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਕਾਨੂੰਨੀ ਵਿੰਗ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ ਦੇ ਸੂਬਾ ਦਫ਼ਤਰ ਵਿਖੇ ਪਾਰਟੀ ’ਚ ਸ਼ਾਮਲ ਕਰਦਿਆਂ ਸਵਾਗਤ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਉਪਰੰਤ ਐਡਵੋਕੇਟ ਰਾਜੇਸ਼ ਰਾਣਾ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀਆਂ ਲੋਕ-ਹਿੱਤਕਾਰੀ ਨੀਤੀਆਂ, ਰਾਸ਼ਟਰ ਹਿੱਤ ਨੂੰ ਸਰਵੋਪਰੀ ਰੱਖਣ ਵਾਲੀ ਸੋਚ ਅਤੇ ਵਿਕਾਸਮੁਖੀ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਰਾਣਾ ਨੇ ਕਿਹਾ ਕਿ ਉਹ ਆਪਣੇ ਕਾਨੂੰਨੀ ਤਜ਼ਰਬੇ ਅਤੇ ਸੰਗਠਨਾਤਮਕ ਸਮਰੱਥਾ ਦਾ ਇਸਤੇਮਾਲ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ ਅਤੇ ਲੋਕਾਂ ਤੱਕ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਪਹੁੰਚਾਉਣ ਲਈ ਪੂਰਾ ਯਤਨ ਕਰਨਗੇ। ਇਸ ਮੌਕੇ ਭਾਜਪਾ ਪੰਜਾਬ ਦੇ ਕਾਨੂੰਨੀ ਸੈੱਲ ਦੇ ਮੁਖੀ ਐਡਵੋਕੇਟ ਐਨ. ਕੇ. ਵਰਮਾ, ਮੁਹਾਲੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾ, ਲਾਲੜੂ ਮੰਡਲ ਦੇ ਪ੍ਰਧਾਨ ਸੰਜੂ ਰਾਣਾ ਸਮੇਤ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।