ਚੰਡੀਗੜ੍ਹ, 3 ਜੁਲਾਈ (ਕਪਿਲ ਵਧਵਾ)–ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਚੰਡੀਗੜ੍ਹ ਪੁਲਿਸ ਨੇ ਦੋ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਮਾਮਲਿਆਂ ਵਿਚ ਸ਼ਿਕਾਇਤਕਰਤਾਵਾਂ ਤੋਂ ਕੁੱਲ 22 ਲੱਖ 55 ਹਜ਼ਾਰ 976 ਰੁਪਏ ਦੀ ਠੱਗੀ ਹੋਣ ਦਾ ਦੋਸ਼ ਹੈ। ਪਹਿਲੇ ਮਾਮਲੇ ਵਿਚ ਥਾਣਾ ਸੈਕਟਰ-3 ਪੁਲਿਸ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਗੋਵਿੰਦਪੁਰਾ ਵਾਸੀ ਧਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਇਕ ਮਹਿਲਾ ਅਤੇ ਸੈਕਟਰ-8 ਸਥਿਤ ਐੱਸ. ਸੀ. ਓ. ਨੰਬਰ 181-182 ਵਿਚ ਚੱਲ ਰਹੇ ਇਕ ਓਵਰਸੀਜ਼ ਦਫ਼ਤਰ ਨਾਲ ਸਬੰਧਤ ਹੋਰ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ.) ਦੀਆਂ ਧਾਰਾਵਾਂ 318(2) ਅਤੇ 61(2) ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ 14 ਲੱਖ 30 ਹਜ਼ਾਰ ਰੁਪਏ ਲੈ ਲਏ, ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਥਾਣਾ ਸੈਕਟਰ-34 ਪੁਲਿਸ ਨੇ ਐੱਸ.ਏ.ਐੱਸ. ਨਗਰ ਦੇ ਪਿੰਡ ਰਾਏਪੁਰ ਕਲਾਂ ਵਾਸੀ ਅਵਤਾਰ ਸਿੰਘ ਦੀ ਸ਼ਿਕਾਇਤ ’ਤੇ ਪਿਕੈਡਿਲੀ ਸਕੁਆਇਰ ਮਾਲ, ਸੈਕਟਰ-34 ਸਥਿਤ ਵੜੈਚ ਐਜੂਕੇਸ਼ਨ ਕੰਸਲਟੈਂਸੀ ਦੇ ਪ੍ਰਭਜੀਤ ਵੜੈਚ ਅਤੇ ਹੋਰਾਂ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 406, 420 ਅਤੇ 120-ਬੀ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤ ਅਨੁਸਾਰ ਮੁਲਜ਼ਮਾਂ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 8 ਲੱਖ 25 ਹਜ਼ਾਰ 976 ਰੁਪਏ ਲੈ ਲਏ, ਪਰ ਨਾ ਵੀਜ਼ਾ ਦਿਵਾਇਆ ਅਤੇ ਨਾ ਹੀ ਰਕਮ ਵਾਪਸ ਕੀਤੀ। ਇਸ ਮਾਮਲੇ ਦੀ ਜਾਂਚ ਵੀ ਜਾਰੀ ਹੈ। ਚੰਡੀਗੜ੍ਹ ਪੁਲਿਸ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿਚ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।