ਚੰਡੀਗੜ੍ਹ, 4 ਜੁਲਾਈ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 165ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 829 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 165ਵੇਂ ਦਿਨ, ਪੁਲਿਸ ਟੀਮਾਂ ਨੇ 15 ਹਥਿਆਰਾਂ ਸਮੇਤ 570 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 43,697 ਹੋ ਗਈਆਂ। ਇਸ ਤੋਂ ਇਲਾਵਾ 258 ਵਿਅਕਤੀਆਂ
ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 490ਵੇਂ ਦਿਨ ਵੀ ਜਾਰੀ ਰੱਖਦਿਆਂ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 2.3 ਕਿਲੋ ਅਫੀਮ, 627 ਨਸ਼ੀਲੀਆਂ ਗੋਲੀਆਂ ਅਤੇ 36,900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 490 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71,592 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
‘ਗੈਂਗਸਟਰਾਂ ’ਤੇ ਵਾਰ’ ਦਾ 165ਵਾਂ ਦਿਨ ਪੰਜਾਬ ਪੁਲਿਸ ਵਲੋਂ 829 ਥਾਈਂ ਛਾਪੇਮਾਰੀ; 570 ਗ੍ਰਿਫ਼ਤਾਰ
ਅਜੀਤ ਡੈਸਕ
05-07-2026