ਚੰਡੀਗੜ੍ਹ, 5 ਜੁਲਾਈ (ਅਜਾਇਬ ਸਿੰਘ ਔਜਲਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੇ ਸ਼ੋੁ੍ਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਪੇਸ਼ ਹੋ ਕੇ ਸਿੰਘ ਸਾਹਿਬਾਨਾਂ ਨਾਲ ਸਹਿਮਤੀ ਪ੍ਰਗਟ ਕਰਕੇ ਸ਼ੰਕੇ ਸ਼ਿਕਵੇ ਦੂਰ ਕੀਤੇ ਜਾਣਾ ਪੰਜਾਬ ਵਿਚ ਸ਼ਾਂਤੀ ਦੇ ਮਾਹੌਲ ਵੱਲ ਵਧਾਇਆ ਇਕ ਕਦਮ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸੀ. ਪੀ. ਆਈ. ਐੱਮ ਪੰਜਾਬ ਦੇ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਰਾਜ ਦੇ ਲੋਕ ਚਾਹੁੰਦੇ ਸਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਦਰਮਿਆਨ ਪੈਦਾ ਹੋਏ ਸੰਕੇ ਦੂਰ ਕਰਕੇ ਇਹ ਮਾਮਲਾ ਖਤਮ ਕੀਤਾ ਜਾਵੇ। ਉਹਨਾਂ ਕਿਹਾ ਕਿ ਸਾਡੀ ਪਾਰਟੀ ਵਲੋਂ ਵੀ ਰੋਜ਼ਾਨਾ ਪੰਜਾਬ ਸਰਕਾਰ ਨੂੰ ਸੁਝਾਅ ਦਿੱਤਾ ਗਿਆ ਸੀ ਕਿ ਪੰਜਾਬ ਵਿਚ ਸਾਂਤੀ ਸਥਾਪਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸਿੰਘ ਸਾਹਿਬਾਨਾਂ ਦੇ ਹੁਕਮਾਂ ਤੇ ਪੰਜਾਬ ਸਰਕਾਰ ਅਤੇ ਦੂਜੀਆਂ ਪਾਰਟੀਆਂ ਦੇ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ, ਗੱਲਬਾਤ ਬਹੁਤ ਸੁਖ਼ਾਵੇ ਮਾਹੌਲ ਵਿਚ ਹੋਈ ਅਤੇ ਦੋਵਾਂ ਧਿਰਾਂ ਦਰਮਿਆਨ ਪੈਦਾ ਹੋਏ ਸੰਕੇ ਦੂਰ ਕੀਤੇ ਗਏ। ਸਿੰਘ ਸਾਹਿਬਾਨਾਂ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਵਿਚ ਇਕ ਮਹੀਨੇ ਦੇ ਅੰਦਰ ਅੰਦਰ ਸੋਧ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਮੁੱਚੇ ਵਿਧਾਇਕਾਂ ਨੇ ਨਿਮਰਤਾ ਸਾਹਿਤ ਇਸ ਆਦੇਸ਼ ਨੂੰ ਪ੍ਰਵਾਨ ਕੀਤਾ ਹੈ। ਉਮੀਦ ਹੈ ਕਿ ਇਸ ਐਕਟ ਵਿਚਲੀਆਂ ਇਤਰਾਜਯੋਗ ਮੱਦਾਂ ਤੇ ਵਿਚਾਰ ਕਰਕੇ ਉਹਨਾਂ ਵਿਚ ਸੋਧ ਕਰ ਦਿੱਤੀ ਜਾਵੇਗੀ।ਕਾਮਰੇਡ ਸੇਖੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਧਾਰਮਿਕ ਫੈਸਲਿਆਂ ਅਤੇ ਸਰਕਾਰ ਦੇ ਫੈਸਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ, ਜੋ ਆਉਣ ਵਾਲੇ ਸਮੇਂ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਦੇ ਪੈਦਾ ਹੋਏ ਟਕਰਾਅ ਸਦਕਾ ਪੰਜਾਬ ਦਾ ਮਾਹੌਲ ਖਰਾਬ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਸੀ।