ਚੰਡੀਗੜ੍ਹ, 6 ਜੁਲਾਈ (ਸੰਦੀਪ ਕੁਮਾਰ ਮਾਹਨਾ)–ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੈਕਟਰ-37 ਸਥਿਤ ਸੂਬਾ ਮੁੱਖ ਦਫ਼ਤਰ ਵਿਖੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜੈਅੰਤੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡਾ. ਮੁਖਰਜੀ ਦੇ ਚਿੱਤਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਬੂਟੇ ਲਗਾ ਕੇ ਵਾਤਾਵਰਨ ਸੁਰੱਖਿਆ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਕਾਰਕੁੰਨਾਂ ਨੇ ਵੀ ਡਾ. ਮੁਖਰਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ। ਸ. ਢਿੱਲੋਂ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਆਪਣਾ ਸਮੁੱਚਾ ਜੀਵਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰੀ ਏਕਜੁੱਟਤਾ ਲਈ ਸਮਰਪਿਤ ਕੀਤਾ। ਡਾ. ਮੁਖਰਜੀ ਦੇ ਵਿਚਾਰ ਅਤੇ ਸਿਧਾਂਤ ਅੱਜ ਵੀ ਦੇਸ਼ ਵਾਸੀਆਂ ਅਤੇ ਭਾਰਤੀ ਜਨਤਾ ਪਾਰਟੀ ਕਾਰਕੁੰਨਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ਡਾ. ਮੁਖਰਜ਼ੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ’ਚ ਅੱਗੇ ਵੱਧ ਰਿਹਾ ਹੈ ਅਤੇ ਉਨ੍ਹਾਂ ਦੇ ਆਦਰਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਾਰਗਦਰਸ਼ਕ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜੀਵਨ ਦੇਸ਼ਭਗਤੀ, ਦੂਰਅੰਦੇਸ਼ੀ ਤੇ ਨਿਡਰ ਲੀਡਰਸ਼ਿਪ ਦੀ ਮਿਸਾਲ ਹੈ, ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਦੇਸ਼ ਦੀ ਤਰੱਕੀ, ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿਚ ਆਪਣਾ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਕਾਰਕੁੰਨ ਹਾਜ਼ਰ ਸਨ।