ਚੰਡੀਗੜ੍ਹ, 6 ਜੁਲਾਈ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 167ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 840 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ 564 ਵਿਅਕਤੀਆਂ ਨੂੰ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44,666 ਹੋ ਗਈ ਹੈ। ਇਸ ਤੋਂ ਇਲਾਵਾ 296 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 492ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.6 ਕਿਲੋਗ੍ਰਾਮ ਹੈਰੋਇਨ, 499 ਨਸ਼ੀਲੀਆਂ ਗੋਲੀਆਂ ਅਤੇ 5350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, ਸਿਰਫ 492 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,175 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।