ਚੰਡੀਗੜ੍ਹ, 7 ਜੁਲਾਈ (ਅ. ਬ)- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿਚ ਹੜ੍ਹਾਂ ਅਤੇ ਮਾਨਸੂਨ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ।ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਅੱਜ ਉੱਚ ਪੱਧਰੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਭਰ ਵਿਚ ਹੜ੍ਹ ਸੁਰੱਖਿਆ ਅਤੇ ਡਰੇਨੇਜ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ, ਜਿਸ ਵਿਚ ਡਰੇਨਾਂ ਦੀ ਸਫ਼ਾਈ, ਬੋਲਡਰ ਸਟੋਨ (ਵੱਡੇ ਪੱਥਰਾਂ ਨਾਲ) ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, ਬੰਨ੍ਹਾਂ ਨੂੰ ਉੱਚਾ ਤੇ ਮਜ਼ਬੂਤ ਕਰਨਾ, ਫਲੱਡ ਕੰਟਰੋਲ ਗੇਟਾਂ ਦੀ ਕਾਰਜਸ਼ੀਲਤਾ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਠੋਸ ਹੜ੍ਹ ਰੋਕੂ ਪ੍ਰਬੰਧ ਸ਼ਾਮਲ ਹਨ। ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੜ੍ਹ ਸੁਰੱਖਿਆ ਢਾਂਚੇ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਹੜ੍ਹ ਸੁਰੱਖਿਆ ਕਾਰਜਾਂ ਵਿਚ 101 ਬੋਲਡਰ ਸਟੋਨ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣਾ, 22 ਬੰਨ੍ਹ ਮਜ਼ਬੂਤ ਕਰਨੇ, 188 ਡਰੇਨਾਂ ਦੀ ਸਫਾਈ ਅਤੇ ਪੰਜ ਹੜ੍ਹ ਕੰਟਰੋਲ ਗੇਟ ਸੰਚਾਲਨ ਕਾਰਜ ਸ਼ਾਮਲ ਹਨ, ਜਿਨ੍ਹਾਂ ’ਤੇ ਲਗਭਗ 414.75 ਕਰੋੜ ਰੁਪਏ ਖਰਚੇ ਗਏ ਹਨ। ਮੀਟਿੰਗ ਵਿਚ ਹਾਜ਼ਰ ਪਤਵੰਤਿਆਂ ਵਿਚ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਹਰਦੀਪ ਸਿੰਘ ਮੈਂਦੀਰੱਤਾ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।