ਡੇਰਾਬੱਸੀ, 8 ਜੁਲਾਈ (ਰਣਬੀਰ ਸਿੰਘ ਪੜ੍ਹੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਡੇਰਾਬੱਸੀ ਵਲੋਂ ਬੁੱਧਵਾਰ ਨੂੰ ਤਹਿਸੀਲ ਕੰਪਲੈਕਸ ਡੇਰਾਬੱਸੀ ਵਿਖੇ ਪਟਵਾਰੀ ਹਰਕਿਰਨ ਖ਼ਿਲਾਫ਼ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਗੰਭੀਰ ਦੋਸ਼ ਲਗਾਏ ਕਿ ਸੰਬੰਧਿਤ ਪਟਵਾਰੀ ਵਲੋਂ ਇੰਤਕਾਲ ਅਤੇ ਹੋਰ ਮਾਲੀਆ ਕੰਮਾਂ ਬਦਲੇ ਕਥਿਤ ਤੌਰ ’ਤੇ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਅਤੇ ਆਪਣਾ ਕੰਮ ਕਰਵਾਉਣ ਆਉਣ ਵਾਲੇ ਆਮ ਲੋਕਾਂ ਨਾਲ ਬਦਸਲੂਕੀ ਵੀ ਕੀਤੀ ਜਾਂਦੀ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੰਗ ਕੀਤੀ ਕਿ ਉਕਤ ਪਟਵਾਰੀ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ’ਚ ਲਿਆ ਕੇ ਮਾਲ ਰਿਕਾਰਡ ’ਚ ਕੀਤੀਆਂ ਕਥਿਤ ਗੜਬੜੀਆਂ ਨੂੰ ਜਲਦ ਤੋਂ ਜਲਦ ਦਰੁਸਤ ਕੀਤਾ ਜਾਵੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵਲੋਂ ਪਟਵਾਰੀ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਵੀ ਪ੍ਰਸ਼ਾਸਨ ਅੱਗੇ ਪ੍ਰਮੁੱਖਤਾ ਨਾਲ ਰੱਖੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਡੇਰਾਬੱਸੀ ਤਹਿਸੀਲ ’ਚ ਭ੍ਰਿਸ਼ਟਾਚਾਰ ਦਾ ਖੁੱਲਾ ਬੋਲਬਾਲਾ ਹੈ, ਜਿਸ ਕਾਰਨ ਆਮ ਲੋਕਾਂ ਦੇ ਕੰਮ ਬਿਨਾਂ ਰਿਸ਼ਵਤ ਤੋਂ ਨਹੀਂ ਹੋ ਰਹੇ। ਉਨ੍ਹਾਂ ਸਰਕਾਰ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਟਵਾਰਖਾਨੇ ’ਚ ਫੈਲੇ ਇਸ ਕਥਿਤ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਯਕੀਨੀ ਬਣਾਈਆਂ ਜਾਣ। ਧਰਨਾ ਸ਼ੁਰੂ ਹੋਣ ਦੇ ਕਰੀਬ 10 ਮਿੰਟ ਬਾਅਦ ਹੀ ਤਹਿਸੀਲਦਾਰ ਬੀਰਕਰਨ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਜਾਂਚ ਦੌਰਾਨ ਡਿਊਟੀ ਪ੍ਰਤੀ ਲਾਪਰਵਾਹੀ ਜਾਂ ਕਿਸੇ ਵੀ ਕਿਸਮ ਦੀ ਗੜਬੜੀ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਪਟਵਾਰੀ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਵਲੋਂ ਮਿਲੇ ਇਸ ਭਰੋਸੇਯੋਗ ਆਸ਼ਵਾਸਨ ਤੋਂ ਬਾਅਦ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਸਮਾਪਤ ਕਰ ਦਿੱਤਾ।