ਚੰਡੀਗੜ੍ਹ, 9 ਜੁਲਾਈ (ਅਜੀਤ ਬਿਊਰੋ)- ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿਚ ਸੂਬਾ ਸਰਕਾਰ ਵਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿਚ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੀਕਾ) ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਮੰਤਰੀ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਅਧੀਨ 28,195 ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਕਿਸਾਨਾਂ ਨੂੰ ਵੱਖ-ਵੱਖ ਵਿੱਤੀ ਸੰਸਥਾਵਾਂ ਵਲੋਂ ਲਗਭਗ 6,729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਲਈ ਇਹ ਸਕੀਮ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਕੀਮ ਤਹਿਤ ਦੇਸ਼ ਵਿੱਚ ਸਭ ਤੋਂ ਵੱਧ ਮਨਜ਼ੂਰ ਕੀਤੇ ਪ੍ਰੋਜੈਕਟਾਂ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕਿਸਾਨ-ਪੱਖੀ ਨੀਤੀਆਂ ਅਤੇ ਬਾਗਬਾਨੀ ਨੂੰ ਦਿੱਤੇ ਜਾ ਰਹੇ ਵਿਸ਼ੇਸ਼ ਉਤਸ਼ਾਹ ਸਦਕਾ ਸੂਬੇ ਵਿਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋ ਗਿਆ ਹੈ।