ਚੰਡੀਗੜ੍ਹ, 10 ਜੁਲਾਈ (ਸੰਦੀਪ ਕੁਮਾਰ ਮਾਹਨਾ)–ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸੇ ਕੜੀ ਤਹਿਤ ਗੁਰਦੁਆਰਾ ਸੀਸ ਮਹਿਲ ਸਾਹਿਬ, ਸਿਸਵਾਂ ਦੇ ਮੁਖੀ ਸੰਤ ਬਾਬਾ ਕੁਲਜੀਤ ਸਿੰਘ ਦੀ ਬੇਟੀ ਤੇਜਿੰਦਰ ਪ੍ਰਤਾਪ ਕੌਰ ਸਮੇਤ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਭਰੋਸਾ ਭਾਜਪਾ ਦੀਆਂ ਨੀਤੀਆਂ ’ਤੇ ਲਗਾਤਾਰ ਵਧਦਾ ਜਾ ਰਿਹਾ ਹੈ। ਢਿੱਲੋਂ ਨੇ ਸੰਤ ਬਾਬਾ ਕੁਲਜੀਤ ਸਿੰਘ ਦੀ ਬੇਟੀ ਤੇਜਿੰਦਰ ਪ੍ਰਤਾਪ ਕੌਰ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਜੁੜਨ ਨਾਲ ਪਾਰਟੀ ਨੂੰ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਬਾਬਾ ਜਸਵਿੰਦਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਅਤੇ ਸੰਤ ਬਾਬਾ ਕੁਲਜੀਤ ਸਿੰਘ ਨੇ ਵੀ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੀ ਸਰਾਹਨਾ ਕਰਦਿਆਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪਾਰਟੀ ਤੋਂ ਉਮੀਦਾਂ ਪ੍ਰਗਟ ਕੀਤੀਆਂ। ਇਸ ਦੌਰਾਨ ਨਵਾਂਸ਼ਹਿਰ ਤੋਂ ਕਾਂਗਰਸ ਦੇ ਯੂਥ ਆਗੂ ਵਿੰਦਰ ਸਿੰਘ ਰਿੱਕੀ ਨੇ ਵੀ ਭਾਜਪਾ ਦਾ ਪੱਲਾ ਫ਼ੜ ਲਿਆ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਲੀਗਲ ਐਡਵਾਈਜ਼ਰ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਸਟੈਂਡਿੰਗ ਕੌਂਸਲ ਐਡਵੋਕੇਟ ਮਨਦੀਪ ਸਿੰਘ ਵੀ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ। ਗੜ੍ਹਸ਼ੰਕਰ ਦੇ ਸਮਾਜ ਸੇਵੀ ਡਾ. ਨਰੇਸ਼ ਕੁਮਾਰ ਭੰਬੂਲਾ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਜੁੜੇ ਲੋਕ ਭਾਜਪਾ ਨਾਲ ਜੁੜਣਗੇ। ਇਸ ਮੌਕੇ ਜਤਿੰਦਰ ਸਿੰਘ ਅਟਵਾਲ, ਸਰਪੰਚ ਜਸਪ੍ਰੀਤ ਸਿੰਘ, ਰਾਜ ਕੁਮਾਰ ਰਾਣਾ ਸਮੇਤ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ।