ਚੰਡੀਗੜ੍ਹ, 10 ਜੁਲਾਈ (ਸੰਦੀਪ ਕੁਮਾਰ ਮਾਹਨਾ)–ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਕਥਿਤ ਬੇਨਿਯਮੀਆਂ ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ, ਪੰਜਾਬ ਭਲਕੇ (11 ਜੁਲਾਈ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗੀ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ ਵਫ਼ਦ ਸਵੇਰੇ 9 ਵਜੇ ਰਾਜਪਾਲ ਕਟਾਰੀਆ ਨੂੰ ਮੰਗ-ਪੱਤਰ ਸੌਂਪ ਕੇ ਮਾਮਲੇ ਵਿਚ ਦਖ਼ਲ ਦੀ ਮੰਗ ਕਰੇਗਾ। ਭਾਰਤੀ ਜਨਤਾ ਪਾਰਟੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਵਫ਼ਦ 10 ਜੁਲਾਈ ਨੂੰ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਵਾਪਰੀਆਂ ਕਥਿਤ ਘਟਨਾਵਾਂ ਅਤੇ ਚੋਣ ਪ੍ਰਕਿਰਿਆ ਸਬੰਧੀ ਆਪਣੇ ਇਤਰਾਜ਼ ਰਾਜਪਾਲ ਦੇ ਧਿਆਨ ਵਿਚ ਲਿਆਏਗਾ। ਪਾਰਟੀ ਦਾ ਦੋਸ਼ ਹੈ ਕਿ ਚੋਣ ਦੌਰਾਨ ਪੰਜਾਬ ਸਰਕਾਰ ਅਤੇ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੰਗ-ਪੱਤਰ ਵਿਚ ਚੋਣ ਪ੍ਰਕਿਰਿਆ ਦੌਰਾਨ ਕਥਿਤ ਧੱਕੇਸ਼ਾਹੀ, ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਅਤੇ ਲੋਕਤੰਤਰੀ ਮਰਿਆਦਾਵਾਂ ਦੀ ਉਲੰਘਣਾ ਸਬੰਧੀ ਪਾਰਟੀ ਦੀਆਂ ਚਿੰਤਾਵਾਂ ਨੂੰ ਵਿਸਥਾਰ ਨਾਲ ਦਰਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰਾਜਪਾਲ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਚੋਣ ਪ੍ਰਕਿਰਿਆ ’ਚ ਪਾਰਦਰਸ਼ਤਾ, ਨਿਰਪੱਖਤਾ, ਜਵਾਬਦੇਹੀ ਅਤੇ ਕਾਨੂੰਨ ਦੇ ਰਾਜ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ। ਪਾਰਟੀ ਪ੍ਰਧਾਨ ਦਾ ਕਹਿਣਾ ਹੈ ਕਿ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਕਾਇਮ ਰੱਖਣ ਲਈ ਚੋਣਾਂ ਦਾ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਸ ਮਾਮਲੇ ਵਿਚ ਰਾਜਪਾਲ ਦੇ ਦਖ਼ਲ ਨਾਲ ਲੋਕਾਂ ਦਾ ਲੋਕਤੰਤਰਿਕ ਪ੍ਰਣਾਲੀ ’ਤੇ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।