ਡੇਰਾਬੱਸੀ, 10 ਜੁਲਾਈ (ਰਣਬੀਰ ਸਿੰਘ ਪੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਮੁਹਾਲੀ ਇਕਾਈ ਮੀਟਿੰਗ ਡੇਰਾਬੱਸੀ ਦੇ ਲੈਂਡ ਮਾਰਗੇਜ਼ ਬੈਂਕ ਅੱਗੇ ਚੱਲ ਰਹੇ ਪੱਕੇ ਧਰਨੇ ਦੌਰਾਨ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਸੰਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ, ਉਪਰੰਤ ਕਈ ਅਹਿਮ ਫ਼ੈਸਲੇ ਲੈਂਦਿਆਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੈਂਕਾਂ ਵਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਆਰਥਿਕ ਲੁੱਟ-ਖਸੁੱਟ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਬੈਂਕ ਵਲੋਂ ਕਿਸਾਨਾਂ ਤੋਂ ਲਏ ਗਏ ਸੁਰੱਖਿਆ ਚੈੱਕ ਤੁਰੰਤ ਵਾਪਸ ਕੀਤੇ ਜਾਣ। ਇਸ ਦੇ ਨਾਲ ਹੀ ਜਿਨ੍ਹਾਂ ਕਿਸਾਨਾਂ ਨੇ ਬੈਂਕਾਂ ਤੋਂ ਕਰਜ਼ਾ ਲਿਆ ਹੈ, ਉਨ੍ਹਾਂ ਨੂੰ ਰਾਹਤ ਦੇਣ ਲਈ ਸਰਕਾਰ ਤੁਰੰਤ ‘ਵਨ ਟਾਈਮ ਸੈਟਲਮੈਂਟ’ (ਓ. ਟੀ. ਐੱਸ.) ਸਕੀਮ ਲਾਗੂ ਕਰੇ। ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਬੈਂਕ ਮੁਲਾਜ਼ਮਾਂ ਨੇ ਭੋਲੇ-ਭਾਲੇ ਕਿਸਾਨਾਂ ਨਾਲ ਠੱਗੀਆਂ ਮਾਰੀਆਂ ਹਨ, ਉਨ੍ਹਾਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਐਲਾਨ ਕੀਤਾ ਕਿ ਪਿਛਲੇ ਦਿਨੀਂ ਜਥੇਬੰਦੀ ਦੀ ਸੂਬਾਈ ਲੀਡਰਸ਼ਿਪ ਵਲੋਂ ਮੀਟਿੰਗ ਦੌਰਾਨ ਲਏ ਗਏ ਫ਼ੈਸਲੇ ਤਹਿਤ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ 14 ਜੁਲਾਈ ਨੂੰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਜ਼ਿਲ੍ਹਾ ਮੁਹਾਲੀ ਦੇ ਸਮੁੱਚੇ ਟੋਲ ਪਲਾਜ਼ੇ ਮੁਕੰਮਲ ਤੌਰ ‘ਤੇ ਮੁਫ਼ਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਨੀਤੀ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਇਸ ਨੀਤੀ ਨੂੰ ਪੂਰੀ ਤਰ੍ਹਾਂ ਕਿਸਾਨ ਮਾਰੂ ਦੱਸਦਿਆਂ ਮੰਗ ਕੀਤੀ ਕਿ ਇਸ ਸਕੀਮ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਲਾਲੜੂ ਪੁਲਿਸ ਥਾਣੇ ਦੇ ਪਿੱਛੇ ਬਣੇ ਰੇਲਵੇ ਅੰਡਰ-ਬਰਿੱਜ ਦਾ ਮੁੱਦਾ ਚੁੱਕਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਬਰਿੱਜ ‘ਚ ਪੂਰਾ ਸਾਲ ਪਾਣੀ ਭਰਿਆ ਰਹਿਣ ਕਰਕੇ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੰਡਰ-ਬਰਿੱਜ ਅੰਦਰ ਪਾਣੀ ਭਰਨ ਦੀ ਸਮੱਸਿਆ ਦਾ ਪੁਖਤਾ ਹੱਲ ਨਾ ਕੱਢਿਆ ਗਿਆ ਤਾਂ ਜਥੇਬੰਦੀ ਪ੍ਰਸ਼ਾਸਨਿਕ ਢਿੱਲ-ਮੱਠ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਭਾਂਖਰਪੁਰ, ਪ੍ਰੇਮ ਸਿੰਘ ਰਾਣਾ, ਮਨਜੀਤ ਸਿੰਘ ਦੱਪਰ, ਗੁਰਚਰਨ ਸਿੰਘ ਜੋਲਾ, ਰਾਜਾ ਨੰਗਲ, ਜਗਮੇਲ ਸਿੰਘ, ਮਨਜੀਤ ਝੂੰਗੀਆਂ, ਬਲਬੀਰ ਸਿੰਘ, ਸੁਭਾਸ਼ ਰਾਣਾ, ਹਰੀ ਸਿੰਘ ਤੇ ਰਾਜ ਕੁਮਾਰ ਸਾਰੰਗਪੁਰ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।