ਖਰੜ, 12 ਜੁਲਾਈ (ਜੰਡਪੁਰੀ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ (ਸਿਹਤ ਵਿਭਾਗ ਪੰਜਾਬ) ਨੇ ਸਰਕਾਰ ਵਲੋਂ ਕੀਤੀ ਜਾ ਰਹੀ ਲਗਾਤਾਰ ਅਣਦੇਖੀ ਖ਼ਿਲਾਫ਼ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਐਸੋਸੀਏਸ਼ਨ ਦੇ ਸਟੇਟ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸਰਕਾਰ ਅਤੇ ਉੱਚ ਅਧਿਕਾਰੀਆਂ ਨਾਲ ਹੁਣ ਤੱਕ 50 ਤੋਂ ਜ਼ਿਆਦਾ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਸਾਰੀਆਂ ਮੀਟਿੰਗਾਂ ਵਿਚ ਹਰ ਵਾਰ ਮਸਲੇ ਦਾ ਹੱਲ ਕਰਨ ਦਾ ਸਿਰਫ਼ ਭਰੋਸਾ ਅਤੇ ਵਿਸ਼ਵਾਸ ਹੀ ਦਿੱਤਾ ਜਾਂਦਾ ਰਿਹਾ, ਪਰ ਅਮਲੀ ਰੂਪ ’ਚ ਇਕ ਵੀ ਮੰਗ ਨਹੀਂ ਮੰਨੀ ਗਈ। ਸਰਕਾਰ ਦੇ ਇਸ ਟਾਲ-ਮਟੋਲ ਵਾਲੇ ਰਵੱਈਏ ਤੋਂ ਬੁਰੀ ਤਰ੍ਹਾਂ ਨਿਰਾਸ਼ ਹੋ ਕੇ ਹੀ ਮੁਲਾਜ਼ਮਾਂ ਨੂੰ ਮਜ਼ਬੂਰਨ ਸੰਘਰਸ਼ ਦਾ ਰਾਹ ਚੁਣਨਾ ਪੈ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਲੀਕੇ ਗਏ ਤਿੱਖੇ ਸੰਘਰਸ਼ ਤਹਿਤ ਮਿਤੀ 19 ਜੁਲਾਈ ਨੂੰ ਸਿਹਤ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਵਿਸ਼ਾਲ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ ਮਿਤੀ 31 ਜੁਲਾਈ ਨੂੰ ਸੁਨਾਮ ਵਿਖੇ ਬਲੱਡ ਬੈਂਕ ਦੇ ਉਦਘਾਟਨ ਸਮਾਰੋਹ ਮੌਕੇ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਿਹਤ ਮੰਤਰੀ ਪੰਜਾਬ ਦਾ ਸਮੂਹ ਮੁਲਾਜ਼ਮਾਂ ਵਲੋਂ ਕਾਲੇ ਝੰਡਿਆਂ ਨਾਲ ਜ਼ੋਰਦਾਰ ਵਿਰੋਧ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।