ਪੰਚਕੂਲਾ, 12 ਜੁਲਾਈ (ਕਪਿਲ)-ਆਈ. ਡੀ. ਐੱਫ. ਸੀ. ਫਰਸਟ ਬੈਂਕ ਘੁਟਾਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵਲੋਂ ਹਰਿਆਣਾ ਲੇਬਰ ਵੈੱਲਫੇਅਰ ਵਿਭਾਗ ਦੇ ਦੋ ਕਲਰਕਾਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਅਤੇ ਜੁਗਲ ਕਿਸ਼ੋਰ ਵਜੋਂ ਹੋਈ ਹੈ। ਅੱਜ ਸੀ. ਬੀ. ਆਈ. ਨੇ ਦੋਵਾਂ ਮੁਲਜ਼ਮਾਂ ਨੂੰ ਪੰਚਕੂਲਾ ਸਥਿਤ ਵਿਸ਼ੇਸ਼ ਸੀ. ਬੀ. ਆਈ.ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਰਿਮਾਂਡ ਦੌਰਾਨ ਸੀ. ਬੀ. ਆਈ. ਵਲੋਂ ਉਕਤ ਦੋਵਾਂ ਮੁਲਜ਼ਮਾਂ ਤੋਂ ਘੁਟਾਲੇ ਨਾਲ ਸੰਬੰਧਿਤ ਦਸਤਾਵੇਜ਼ਾਂ, ਲੈਣ-ਦੇਣ ਅਤੇ ਹੋਰ ਸੰਭਾਵਿਤ ਸ਼ਾਮਿਲ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੇ। ਜਾਂਚ ਏਜੰਸੀ ਅਨੁਸਾਰ ਘੁਟਾਲੇ ਨਾਲ ਸੰਬੰਧਿਤ ਫਾਈਲਾਂ ਦੀਆਂ ਨੋਟ ਸ਼ੀਟਾਂ ਅਤੇ ਪੱਤਰਾਂ ਨੂੰ ਅੱਗੇ ਭੇਜਣ ’ਚ ਦੋਵਾਂ ਕਲਰਕਾਂ ਦੀ ਭੂਮਿਕਾ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ’ਚ ਪਹਿਲਾਂ ਵੀ ਕਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸੀ. ਬੀ. ਆਈ. ਦੀ ਜਾਂਚ ਦੌਰਾਨ ਹਰਿਆਣਾ ਦੇ ਕਈ ਸਰਕਾਰੀ ਵਿਭਾਗਾਂ ਦੇ ਨਾਂਅ ਸਾਹਮਣੇ ਆ ਰਹੇ ਹਨ। ਸੂਤਰਾਂ ਮੁਤਾਬਿਕ ਆਉਣ ਵਾਲੇ ਦਿਨਾਂ ’ਚ ਇਸ ਮਾਮਲੇ ’ਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।