ਚੰਡੀਗੜ੍ਹ, 15 ਜੁਲਾਈ (ਸੰਦੀਪ ਕੁਮਾਰ ਮਾਹਨਾ)– ਮਾਨਸਾ ਦੇ ਬੀਰੇਵਾਲਾ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਥਿਤ ਬੇਅਦਬੀ ਦੇ ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਦੀ ਮੰਗ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਕਿਹਾ ਕਿ ਪਵਿੱਤਰ ਸਰੂਪ ਨਾਲ ਜੁੜੇ ਕਿਸੇ ਵੀ ਮਾਮਲੇ ਵਿਚ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਆਰ. ਪੀ. ਸਿੰਘ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਿੰਡ ਬੀਰੇਵਾਲਾ ਜੱਟਾਂ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਕੁੱਝ ਅੰਗਾਂ ’ਤੇ ਇਤਰਾਜ਼ਯੋਗ ਸ਼ਬਦ ਲਿਖੇ ਮਿਲਣ ਦੀ ਘਟਨਾ ਨੇ ਸਮੁੱਚੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜੇਕਰ ਇਹ ਮਾਮਲਾ ਕਈ ਮਹੀਨਿਆਂ ਪਹਿਲਾਂ ਹੀ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਅਜੇ ਤੱਕ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਹਰ ਬੇਅਦਬੀ ਮਾਮਲੇ ਵਿਚ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਇਸ ਮਾਮਲੇ ਵਿਚ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਾਂਚ ’ਚ ਇੰਨੀ ਦੇਰੀ ਕਿਉਂ ਹੋਈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿਚ ਕਿਉਂ ਨਹੀਂ ਲਿਆਂਦਾ ਗਿਆ। ਆਰ. ਪੀ. ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨਤਾ ਨਾਲ ਜੁੜਿਆ ਹਰ ਮਾਮਲਾ ਕਰੋੜਾਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਸਿੱਧਾ ਜੁੜਿਆ ਹੁੰਦਾ ਹੈ। ਅਜਿਹੇ ਮਾਮਲਿਆਂ ਵਿਚ ਸਰਕਾਰ ਨੂੰ ਪੂਰੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਜਵਾਬਦੇਹੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਦਾ ਕਾਨੂੰਨੀ ਪ੍ਰਣਾਲੀ ’ਤੇ ਵਿਸ਼ਵਾਸ ਬਣਿਆ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਪੰਜਾਬ ਦੇ ਲੋਕਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੀ ਠੋਸ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ’ਤੇ ਸਿਰਫ਼ ਰਾਜਨੀਤੀ ਕਰਨ ਦੀ ਬਜਾਏ ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਅਮਲ ’ਚ ਲਿਆਉਣਾ ਚਾਹੀਦਾ ਹੈ। ਆਰ.ਪੀ. ਸਿੰਘ ਨੇ ਮੰਗ ਕੀਤੀ ਕਿ ਬੀਰੇਵਾਲਾ ਜੱਟਾਂ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਦੀ ਜਲਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਜਾਂਚ ਦੀ ਪ੍ਰਗਤੀ ਬਾਰੇ ਸਮੇਂ-ਸਮੇਂ ’ਤੇ ਲੋਕਾਂ ਨੂੰ ਜਾਣਕਾਰੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨਤਾ ਸਰਵਉੱਚ ਹੈ ਅਤੇ ਇਸ ਨਾਲ ਜੁੜੇ ਕਿਸੇ ਵੀ ਅਪਰਾਧ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।